ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ
Imran Khan News: ਆਮਿਰ ਖਾਨ ਦੇ ਭਤੀਜੇ ਤੇ ਅਦਾਕਾਰ ਇਮਰਾਨ ਖਾਨ ਕਥਿਤ ਤੌਰ ’ਤੇ ਵਿਵਾਦਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ।
Imran Khan News: ਆਮਿਰ ਖਾਨ ਦੇ ਭਤੀਜੇ ਤੇ ਅਦਾਕਾਰ ਇਮਰਾਨ ਖਾਨ ਕਥਿਤ ਤੌਰ ’ਤੇ ਵਿਵਾਦਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ‘ਜਾਨੇ ਤੂ ਯਾ ਜਾਨੇ ਨਾ’ ਅਤੇ ‘ਮੇਰੇ ਬ੍ਰਦਰ ਕੀ ਦੁਲਹਨ’ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੇ ਇਮਰਾਨ ਖਾਨ ਨੂੰ ਲੈ ਕੇ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁੰਬਈ ਪੁਲਿਸ ਨੇ ਉਨ੍ਹਾਂ ਨੂੰ ਭਾਰਤ ਛੱਡਣ ਸਬੰਧੀ ਨੋਟਿਸ ਜਾਰੀ ਹੋਇਆ ਹੈ। ਰਿਪੋਰਟਾਂ ਮੁਤਾਬਕ ਇਸ ਨੋਟਿਸ ਵਿੱਚ ਉਨ੍ਹਾਂ ਨੂੰ 28 ਅਕਤੂਬਰ, 2026 ਤੱਕ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਤੋਂ ਬਾਅਦ ਸਾਹਮਣੇ ਆਈ ਹੈ।
ਮੀਡੀਆ ਰਿਪੋਰਟਾਂ ਅਨੁਸਾਰ, 10 ਅਕਤੂਬਰ ਨੂੰ ਇਮਰਾਨ ਖਾਨ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿੱਚ ਹੋਏ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਇਸ ਪ੍ਰਦਰਸ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪ੍ਰਦਰਸ਼ਨ ਦੌਰਾਨ ਅਦਾਕਾਰ ਨੂੰ ਹਿਰਾਸਤ ਵਿੱਚ ਵੀ ਲਿਆ ਸੀ। ਰਿਪੋਰਟਾਂ ਮੁਤਾਬਕ, ਪੁਲਿਸ ਵੱਲੋਂ ਜਾਰੀ ਨੋਟਿਸ ਵਿੱਚ ਉਨ੍ਹਾਂ ਦੀ ਨਾਗਰਿਕਤਾ ਦਾ ਹਵਾਲਾ ਦਿੱਤਾ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਮਰਾਨ ਖਾਨ ਭਾਰਤੀ ਨਾਗਰਿਕ ਨਹੀਂ ਹਨ ਅਤੇ ਇਸ ਕਾਰਨ ਉਨ੍ਹਾਂ ਦੀ ਵਿਰੋਧ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਨੂੰ ਲੈ ਕੇ ਸਵਾਲ ਉੱਠੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਭਾਜਪਾ ਆਗੂ ਕਿਰੀਟ ਸੋਮਈਆ ਨੇ ਇਮਰਾਨ ਖਾਨ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਦਾਕਾਰ ਕੋਲ ਅਮਰੀਕੀ ਨਾਗਰਿਕਤਾ ਹੈ ਤੇ ਉਨ੍ਹਾਂ ਨੇ ਭਾਰਤ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਇਸ ਮਾਮਲੇ ਸਬੰਧੀ ਗਮਦੇਵੀ ਪੁਲਿਸ ਸਟੇਸ਼ਨ ਵਿੱਚ ਵਿਦੇਸ਼ੀ ਕਾਨੂੰਨ ਦੀ ਕਥਿਤ ਉਲੰਘਣਾ ਬਾਰੇ ਸ਼ਿਕਾਇਤ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਸ਼ਿਕਾਇਤ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ (FRRO) ਨੂੰ ਵੀ ਭੇਜੀ ਗਈ ਹੈ।
ਰਿਪੋਰਟਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਇਮਰਾਨ ਖਾਨ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (OCI) ਕਾਰਡ ਹੈ। OCI ਦਰਜਾ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਵਿੱਚ ਰਹਿਣ ਅਤੇ ਕੁਝ ਹੋਰ ਸਹੂਲਤਾਂ ਦਾ ਲਾਭ ਲੈਣ ਦੀ ਇਜਾਜ਼ਤ ਦਿੰਦਾ ਹੈ, ਪਰ ਇਸ ਦੇ ਤਹਿਤ ਵੋਟ ਪਾਉਣ ਅਤੇ ਚੋਣ ਲੜਨ ਦਾ ਅਧਿਕਾਰ ਨਹੀਂ ਮਿਲਦਾ। ਭਾਰਤੀ ਸੰਵਿਧਾਨ ਦੀ ਧਾਰਾ 19 ਤਹਿਤ ਪ੍ਰਗਟਾਵੇ ਦੀ ਆਜ਼ਾਦੀ ਅਤੇ ਸ਼ਾਂਤੀਪੂਰਨ ਇਕੱਠ ਕਰਨ ਦੇ ਅਧਿਕਾਰ ਭਾਰਤੀ ਨਾਗਰਿਕਾਂ ਨੂੰ ਪ੍ਰਾਪਤ ਹਨ। ਹਾਲਾਂਕਿ, ਇਸ ਮਾਮਲੇ ਵਿੱਚ ਲਾਗੂ ਕਾਨੂੰਨੀ ਨਿਯਮਾਂ ਅਤੇ ਨੋਟਿਸ ਦੇ ਆਧਾਰ ਬਾਰੇ ਅਧਿਕਾਰਤ ਜਾਣਕਾਰੀ ਦੀ ਪੁਸ਼ਟੀ ਹੋਣੀ ਜ਼ਰੂਰੀ ਹੈ।
ਰਿਪੋਰਟਾਂ ਮੁਤਾਬਕ ਇਮਰਾਨ ਖਾਨ ਇਸ ਪ੍ਰਦਰਸ਼ਨ ਵਿੱਚ ਇਕੱਲੇ ਸ਼ਾਮਲ ਨਹੀਂ ਹੋਏ ਸਨ। ਉਨ੍ਹਾਂ ਦੀ ਪ੍ਰੇਮਿਕਾ ਲੇਖਾ ਵਾਸ਼ਿੰਗਟਨ ਅਤੇ ਚਚੇਰੀ ਭੈਣ ਜੈਨ ਮੈਰੀ ਖਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਵੀ ਹਿਰਾਸਤ ਵਿੱਚ ਲਿਆ ਸੀ। ਫਿਲਹਾਲ, ਇਸ ਮਾਮਲੇ ਵਿੱਚ ਨੋਟਿਸ ਦੇ ਆਧਾਰ ਕਾਨੂੰਨੀ ਕਾਰਵਾਈ ਅਤੇ ਇਮਰਾਨ ਖਾਨ ਦੇ ਪੱਖ ਬਾਰੇ ਅਧਿਕਾਰਤ ਪੁਸ਼ਟੀ ਸਾਹਮਣੇ ਆਉਣੀ ਬਾਕੀ ਹੈ।