ਸਪੇਨ ਵਿੱਚ ਪੰਜਾਬੀ ਨੌਜਵਾਨ ਮਨਪ੍ਰੀਤ ਸਿੰਘ ਦਾ ਕਤਲ, ਪਰਿਵਾਰ ਵੱਲੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ
ਸਪੇਨ ਵਿੱਚ ਅੰਮ੍ਰਿਤਸਰ ਨੇੜੇ ਬਿਆਸ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਕਾਰਨ ਪਰਿਵਾਰ ਸਦਮੇ ਵਿੱਚ ਹੈ। ਪਰਿਵਾਰ ਨੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ।
Murder News: ਸਪੇਨ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਬਿਆਸ ਨੇੜਲੇ ਪਿੰਡ ਬਾਬਾ ਸਾਵਨ ਸਿੰਘ ਨਗਰ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਵੱਲੋਂ ਸਰਕਾਰਾਂ ਤੇ ਸਮਾਜਿਕ ਸੰਸਥਾਵਾਂ ਅੱਗੇ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਗੁਹਾਰ ਲਗਾਈ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਦਾ 31 ਤਰੀਕ ਨੂੰ ਕਤਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਸੇ ਕੰਪਨੀ ਵਿੱਚ ਮਨਪ੍ਰੀਤ ਨਾਲ ਕੰਮ ਕਰਨ ਵਾਲੇ ਪਵਨ ਵੀਰ ਸਿੰਘ, ਜੋ ਜਲੰਧਰ ਜ਼ਿਲ੍ਹੇ ਦੇ ਪਿੰਡ ਦੁਸਾਂਝਾਂ ਦਾ ਰਹਿਣ ਵਾਲਾ ਹੈ, ਨੇ ਤਿੰਨ ਨੌਜਵਾਨਾਂ ''ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਮਨਪ੍ਰੀਤ ਸਿੰਘ ਦੀ ਮੌਕੇ ''ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਮਨਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੇ ਪਿਤਾ ਦੀ ਵੀ ਕਰੀਬ 14 ਸਾਲ ਪਹਿਲਾਂ ਮੌਤ ਹੋ ਚੁੱਕੀ ਸੀ। ਘਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਮਨਪ੍ਰੀਤ ਦੇ ਮੋਢਿਆਂ ''ਤੇ ਸਨ। ਪਰਿਵਾਰ ਲਈ ਉਹ ਸਿਰਫ਼ ਪੁੱਤ ਜਾਂ ਭਰਾ ਹੀ ਨਹੀਂ, ਸਗੋਂ ਘਰ ਦਾ ਸਹਾਰਾ ਵੀ ਸੀ।
ਪਰਿਵਾਰ ਦੀਆਂ ਮੁਸ਼ਕਲਾਂ ਇਸ ਤੋਂ ਵੀ ਵੱਧ ਹਨ। ਮਨਪ੍ਰੀਤ ਦੀ ਵੱਡੀ ਭੈਣ ਦੇ ਪਤੀ ਦੀ ਵੀ ਮੌਤ ਹੋ ਚੁੱਕੀ ਸੀ ਅਤੇ ਉਹ ਆਪਣੇ ਬੱਚਿਆਂ ਸਮੇਤ ਪੇਕੇ ਘਰ ਰਹਿ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਭੈਣ ਅਤੇ ਉਸ ਦੇ ਬੱਚਿਆਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਮਨਪ੍ਰੀਤ ਹੀ ਨਿਭਾ ਰਿਹਾ ਸੀ।
ਹੁਣ ਮਨਪ੍ਰੀਤ ਦੀ ਮੌਤ ਤੋਂ ਬਾਅਦ ਪਰਿਵਾਰ ''ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਭੈਣਾਂ ਰੋ-ਰੋ ਕੇ ਸਰਕਾਰਾਂ ਅਤੇ ਸਮਾਜਿਕ ਸੰਸਥਾਵਾਂ ਅੱਗੇ ਗੁਹਾਰ ਲਗਾ ਰਹੀਆਂ ਹਨ ਕਿ ਉਨ੍ਹਾਂ ਦੇ ਭਰਾ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਭਰਾ ਦਾ ਅੰਤਿਮ ਸੰਸਕਾਰ ਰਸਮੀ ਰਿਵਾਜਾਂ ਅਨੁਸਾਰ ਕਰ ਸਕਣ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਸਪੇਨ ਦੇ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕੋਈ ਠੋਸ ਜਾਣਕਾਰੀ ਨਹੀਂ ਮਿਲੀ।