ਭੁਲੱਥ ਦੇ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ
Punjabi youth Murdered in USA: ਅਮਰੀਕਾ ਵਿੱਚ ਕਪੂਰਥਲਾ ਦੇ ਨੌਜਵਾਨ ਦੀ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਹੱਤਿਆ ਦਿੱਤੀ।
Punjabi youth Murdered in USA: ਅਮਰੀਕਾ ਵਿੱਚ ਕਪੂਰਥਲਾ ਦੇ ਨੌਜਵਾਨ ਦੀ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਹੱਤਿਆ ਦਿੱਤੀ। ਅਮਰੀਕਾ ਵਿੱਚ ਭੁਲੱਥ ਦੇ ਰਹਿਣ ਵਾਲੇ ਨੌਜਵਾਨ ਦੀ ਅਣਪਛਾਤੇ ਹਮਲਾਵਰ ਵੱਲੋਂ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਦੇ ਰਹਿਣ ਵਾਲੇ ਪਰਮਜੀਤ ਸਿੰਘ ਘੁੰਮਣ, ਉਰਫ਼ ਪੰਮਾ (35 ਸਾਲ) ਵਜੋਂ ਹੋਈ ਹੈ।
ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੰਜਾਬੀ ਨੌਜਵਾਨ ਪਰਮਜੀਤ ਸਿੰਘ ਦੇ ਕਤਲ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਭੁਲੱਥ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਪਰਿਵਾਰ ਨੂੰ ਅਮਰੀਕਾ ਤੋਂ ਇੱਕ ਫੋਨ ਆਇਆ, ਜਿਸ ਵਿੱਚ ਉਨ੍ਹਾਂ ਨੂੰ ਪਰਮਜੀਤ ਸਿੰਘ ਦੀ ਮੌਤ ਬਾਰੇ ਦੱਸਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿੱਚ ਬੈਠਾ ਸੀ, ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ 'ਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਲਹਾਲ ਕਤਲ ਕਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਵਾਰਦਾਤ ਪਿੱਛੇ ਕੋਈ ਕਾਰਨ ਸਾਹਮਣੇ ਆਇਆ ਹੈ। ਅਮਰੀਕੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਪਰਮਜੀਤ ਸਿੰਘ ਨੇ ਬਚਪਨ ਵਿੱਚ ਹੀ ਆਪਣੇ ਮਾਤਾ-ਪਿਤਾ ਨੂੰ ਗੁਆ ਦਿੱਤਾ ਸੀ। ਬਿਹਤਰ ਭਵਿੱਖ ਅਤੇ ਰੋਜ਼ਗਾਰ ਦੀ ਭਾਲ ਵਿੱਚ ਉਹ ਲਗਭਗ 10 ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ। ਉੱਥੇ ਉਹ ਕੈਲੀਫੋਰਨੀਆ ਵਿੱਚ ਕੰਮ ਕਰਕੇ ਆਪਣੀ ਜ਼ਿੰਦਗੀ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।
ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਧਰ, ਭੁਲੱਥ ਵਿੱਚ ਵੀ ਇਸ ਖ਼ਬਰ ਤੋਂ ਬਾਅਦ ਮਾਤਮ ਦਾ ਮਾਹੌਲ ਹੈ। ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਵਿਚਾਲੇ ਗਠਜੋੜ ਲਗਭਗ ਤੈਅ; ਪੰਜਾਬ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ