Delhi CJP Protest News: ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਾਕਰੋਚ ਜਨਤਾ ਪਾਰਟੀ ਦੇ ਤਿੰਨ ਪ੍ਰਮੁੱਖ ਆਗੂਆਂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਤਿੰਨਾਂ ਨੂੰ ਦਿੱਲੀ ਕੈਂਟ ਥਾਣੇ ਦੇ ਵਿਸ਼ੇਸ਼ ਕਾਰਜਕਾਰੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।
ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਕੁਝ ਸ਼ਰਤਾਂ ਦੇ ਨਾਲ ਰਿਹਾਈ ਦਿੱਤੀ ਗਈ। ਰਿਪੋਰਟਾਂ ਅਨੁਸਾਰ, ਤਿੰਨਾਂ ਆਗੂਆਂ ਵਿਰੁੱਧ ਭਾਰਤੀ ਦੰਡ ਪ੍ਰਕਿਰਿਆ ਨਾਲ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਸੀ। ਉਨ੍ਹਾਂ 'ਤੇ ਧਾਰਾ 126 ਅਤੇ 170 ਦੇ ਤਹਿਤ ਦੋਸ਼ ਲਗਾਏ ਗਏ। ਮੈਜਿਸਟ੍ਰੇਟ ਨੇ ਤਿੰਨਾਂ ਨੂੰ 50,000 ਰੁਪਏ ਦਾ ਮੁਚੱਲਕਾ ਭਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੱਕ ਸਾਲ ਤੱਕ ਸ਼ਾਂਤੀ ਭੰਗ ਨਾ ਕਰਨ ਦੀ ਸ਼ਰਤ 'ਤੇ ਰਿਹਾਅ ਕੀਤਾ ਗਿਆ।
ਜਾਣਕਾਰੀ ਮੁਤਾਬਕ, ਤਿੰਨੇ ਆਗੂ ਸ਼ਨੀਵਾਰ ਨੂੰ ਮੁੰਬਈ ਤੋਂ ਦਿੱਲੀ ਪਹੁੰਚੇ ਸਨ। ਉਹ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਹਾਲਾਂਕਿ, ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰੋਕਥਾਮ ਦੇ ਤਹਿਤ ਹਿਰਾਸਤ ਵਿੱਚ ਲੈ ਲਿਆ। ਬਾਅਦ ਵਿੱਚ ਉਨ੍ਹਾਂ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਹੋਏ। ਇਸ ਦੌਰਾਨ ਸ਼ਨਿੱਚਰਵਾਰ ਨੂੰ ਜੰਤਰ-ਮੰਤਰ ਅਤੇ ਇਸ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਉੱਥੇ ਪਹੁੰਚਣ ਤੋਂ ਰੋਕਣ ਲਈ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ। ਰਿਪੋਰਟਾਂ ਮੁਤਾਬਕ, ਵਿਰੋਧ ਪ੍ਰਦਰਸ਼ਨ ਦੀ ਕੋਸ਼ਿਸ਼ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ 20 ਤੋਂ ਵੱਧ ਐੱਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਵਿੱਚ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ, ਕਾਨੂੰਨ-ਵਿਵਸਥਾ ਪ੍ਰਭਾਵਿਤ ਕਰਨ ਅਤੇ ਪੁਲਿਸ ਮੁਲਾਜ਼ਮਾਂ 'ਤੇ ਹਮਲੇ ਵਰਗੇ ਦੋਸ਼ ਸ਼ਾਮਲ ਹਨ। ਇਸੇ ਦੌਰਾਨ, ਕਾਕਰੋਚ ਜਨਤਾ ਪਾਰਟੀ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (AISA) ਵੱਲੋਂ ਅੱਜ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।
ਕਨਾਟ ਪਲੇਸ ਵਿੱਚ ਸੰਸਦ ਮਾਰਗ ਵੱਲ ਜਾਣ ਵਾਲੇ ਰਸਤੇ ਨੂੰ ਵੀ ਬੰਦ ਕੀਤੇ ਜਾਣ ਦੀ ਜਾਣਕਾਰੀ ਹੈ। ਪੁਲਿਸ ਅਨੁਸਾਰ ਇਲਾਕੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਤਹਿਤ ਪਾਬੰਦੀਆਂ ਲਾਗੂ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।