Harjinder Singh Dhami Elected SGPC President: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ। ਇਸ ਦੀ ਤਾਈਦ ਅਰਵਿੰਦਰ ਪਾਲ ਸਿੰਘ ਪੱਖੋਕੇ ਤੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਕੀਤੀ। ਮੈਂਬਰਾਂ ਨੇ ਸਰਬਸੰਮਤੀ ਨਾਲ ਮਤੇ ਨੂੰ ਪ੍ਰਵਾਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਾਇਆ।
ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਚੋਣ ਤੋਂ ਪਹਿਲਾਂ, ਪ੍ਰਧਾਨ ਅਹੁਦੇ ਲਈ ਉਮੀਦਵਾਰ ਦੀ ਚੋਣ ਕਰਨ ਦਾ ਅਧਿਕਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ ਗਿਆ ਸੀ। ਬੀਬੀ ਜਗੀਰ ਕੌਰ ਦੇ ਨਾਮ 'ਤੇ ਸਹਿਮਤੀ ਨਾ ਬਣਨ ਤੋਂ ਬਾਅਦ ਧਾਮੀ ਨੂੰ ਦੂਜਾ ਮੌਕਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ 190 ਮੈਂਬਰੀ ਸਦਨ ਵਿੱਚ ਇਸ ਵਾਰ ਸਿਰਫ਼ 138 ਮੈਂਬਰ ਵੋਟ ਪਾ ਸਕੇ। ਪੰਜ ਸਿੰਘ ਸਾਹਿਬਾਨ ਕੋਲ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। 39 ਮੈਂਬਰਾਂ ਦੀ ਮੌਤ, ਪੰਜ ਦੇ ਅਸਤੀਫ਼ੇ ਅਤੇ ਤਿੰਨ ਮੈਂਬਰਾਂ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕਣ ਕਾਰਨ 47 ਮੈਂਬਰਾਂ ਨੂੰ ਵੋਟਿੰਗ ਪ੍ਰਕਿਰਿਆ ਤੋਂ ਬਾਹਰ ਰੱਖਿਆ ਗਿਆ ਸੀ। ਧਾਮੀ ਨੂੰ ਬਾਅਦ ਵਿੱਚ ਸਰਬਸੰਮਤੀ ਨਾਲ ਚੁਣਿਆ ਗਿਆ।
ਪਿਛਲੇ ਸਾਲ ਦੀ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 136 ਵਿੱਚੋਂ 117 ਵੋਟਾਂ ਮਿਲੀਆਂ। ਵਿਰੋਧੀ ਧੜੇ ਦੇ ਉਮੀਦਵਾਰ ਮਿੱਠੂ ਸਿੰਘ ਨੂੰ 18 ਵੋਟਾਂ ਮਿਲੀਆਂ, ਜਦੋਂ ਕਿ ਇੱਕ ਵੋਟ ਰੱਦ ਹੋ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ।
ਇਸ ਤੋਂ ਪਹਿਲਾਂ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਰਘੂਜੀਤ ਸਿੰਘ ਵਿਰਕ ਦੇ ਨਾਮ ਦੀ ਪੇਸ਼ਕਸ਼ ਸੁਖਪਾਲ ਸਿੰਘ ਤਲਵੰਡੀ ਵੱਲੋਂ ਕੀਤੀ ਗਈ, ਜਿਸ ਦੀ ਤਾਈਦ ਹਰਪਾਲ ਸਿੰਘ ਜਲਾ ਅਤੇ ਭਾਈ ਫੂਮਨ ਸਿੰਘ ਵੱਲੋਂ ਕੀਤੀ ਗਈ। ਇਸ ਉਪਰੰਤ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਲਈ ਗੁਰਪ੍ਰੀਤ ਸਿੰਘ ਝੱਬਰ ਨੂੰ ਚੁਣਿਆ ਗਿਆ। ਉਨ੍ਹਾਂ ਦੇ ਨਾਮ ਦੀ ਪੇਸ਼ਕਸ਼ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਕੀਤੀ ਗਈ, ਜਦਕਿ ਇਸ ਦੀ ਤਾਈਦ ਗੁਰਬਚਨ ਸਿੰਘ ਕਰਮੂਵਾਲਾ ਅਤੇ ਭਾਈ ਗੁਰਪ੍ਰੀਤ ਸਿੰਘ ਰੂਹੀ ਵੱਲੋਂ ਕੀਤੀ ਗਈ। ਗੁਰਪ੍ਰੀਤ ਸਿੰਘ ਝੱਬਰ ਬਿਨਾਂ ਮੁਕਾਬਲਾ ਜੇਤੂ ਰਹੇ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਫ਼ਰ
ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ।
ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। ਐਡਵੋਕੇਟ ਧਾਮੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਇਤਿਹਾਸ ਦੀਆਂ ਕਈ ਸ਼ਤਾਬਦੀਆਂ ਵੀ ਮਨਾਉਣ ਦਾ ਵੀ ਮੌਕਾ ਮਿਲਿਆ। ਉਨ੍ਹਾਂ ਨੇ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦਿਆਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਮਜਬੂਤੀ ਲਈ ਵਿਸ਼ੇਸ਼ ਤਵੱਜੋਂ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸ਼ਕੀ ਸੇਵਾਵਾਂ ਲਈ ਉਤਸ਼ਾਹਿਤ ਅਤੇ ਤਿਆਰ ਕਰਨ ਵੱਲ ਉਨ੍ਹਾਂ ਨੇ ਖਾਸ ਧਿਆਨ ਦਿੱਤਾ, ਜਿਸ ਸਦਕਾ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਹੋਂਦ ਵਿਚ ਆਈ। ਇਹ ਯੋਗ ਵਿਦਿਆਰਥੀ ਨੂੰ ਮੁਫਤ ਵਿਚ ਤਿਆਰੀ ਕਰਵਾਉਣ ਦਾ ਕਾਰਜ ਕਰ ਰਹੀ ਹੈ। ਐਡਵੋਕੇਟ ਧਾਮੀ ਦੀ ਇਹ ਵੀ ਖਾਸੀਅਤ ਹੈ ਕਿ ਉਹ ਸਿੱਖ ਜਥੇਬੰਦੀਆਂ ਨਾਲ ਹਮੇਸ਼ਾ ਤਾਲਮੇਲ ਵਿਚ ਰਹਿੰਦੇ ਹਨ, ਜਿਸ ਸਦਕਾ ਉਨ੍ਹਾਂ ਨੂੰ ਸਾਰੀਆਂ ਹੀ ਪੰਥਕ ਜਥੇਬੰਦੀਆਂ ਤੇ ਸੰਸਥਾਵਾਂ ਭਰਵਾਂ ਸਹਿਯੋਗ ਦਿੰਦੀਆਂ ਹਨ।