ਬੱਬੂ ਮਾਨ ਤੇ ਜੀ ਖ਼ਾਨ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਧਰਨੇ ਵਿੱਚ ਪੁੱਜੇ
Parvinder Singh Jhota Case: ਮਾਨਸਾ ਵਿੱਚ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਚੱਲ ਰਿਹਾ ਹੈ।
Parvinder Singh Jhota Case: ਮਾਨਸਾ ਵਿੱਚ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਚੱਲ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਮਨੋਰੰਜਨ ਜਗਤ ਦੇ ਲੋਕ ਵੀ ਪੁੱਜ ਰਹੇ ਹਨ। ਅੱਜ ਪੰਜਾਬੀ ਗਾਇਕ ਬੱਬੂ ਮਾਨ ਅਤੇ ਜੀ ਖਾਨ ਵੀ ਧਰਨੇ ਵਿੱਚ ਪੁੱਜੇ। ਉਨ੍ਹਾਂ ਨੇ ਝੋਟੇ ਦੇ ਪਿਤਾ ਭੀਮ ਸਿੰਘ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ। ਬੱਬੂ ਮਾਨ ਨੇ ਕਿਹਾ ਕਿ ਇਹ ਲੜਾਈ ਸਿਰਫ਼ ਪਰਵਿੰਦਰ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਲੜਾਈ ਹੈ।
ਬੱਬੂ ਮਾਨ ਨੇ ਪਰਵਿੰਦਰ ਝੋਟੇ ਨੂੰ ਇੱਕ ਚੰਗਾ ਨੌਜਵਾਨ ਦੱਸਦਿਆਂ ਕਿਹਾ ਕਿ ਉਹ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਾ ਸੀ ਤੇ ਗੁਰੂ ਦੀ ਬਾਣੀ ਨਾਲ ਜੁੜਿਆ ਹੋਇਆ ਸੀ। ਉਨ੍ਹਾਂ ਨੇ ਪਰਵਿੰਦਰ ਦੇ ਪਿਤਾ ਦੀ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਪੂ ਭੀਮ ਸਿੰਘ ਨੇ ਬਹੁਤ ਵੱਡਾ ਜਿਗਰਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਹਿੰਮਤ ਅਤੇ ਸਬਰ ਹਰ ਕਿਸੇ ਵਿੱਚ ਨਹੀਂ ਹੁੰਦਾ।
ਗਾਇਕ ਨੇ ਕਿਹਾ ਕਿ ਅਸਲ ਪੰਜਾਬੀ ਉਹ ਹਨ, ਜੋ ਸੋਸ਼ਲ ਮੀਡੀਆ 'ਤੇ ਧੜੇਬੰਦੀ ਕਰਕੇ ਇੱਕ-ਦੂਜੇ ਨੂੰ ਗਾਲ੍ਹਾਂ ਕੱਢਣ ਦੀ ਬਜਾਏ ਆਪਣੇ ਪਿੰਡ ਅਤੇ ਪੰਜਾਬ ਦੀ ਭਲਾਈ ਬਾਰੇ ਸੋਚਦੇ ਹਨ। ਉਨ੍ਹਾਂ ਅਨੁਸਾਰ ਪੰਜਾਬੀਆਂ ਨੂੰ ਇੱਕ-ਦੂਜੇ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਦੂਜਿਆਂ ਦੇ ਮਾਪਿਆਂ ਨੂੰ ਵੀ ਆਪਣੇ ਮਾਪਿਆਂ ਵਾਂਗ ਮਾਣ ਦੇਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇੱਥੇ ਸਿਰਫ਼ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ ਲਈ ਪਹੁੰਚੇ ਹਨ।
ਬੱਬੂ ਮਾਨ ਨੇ ਕਿਹਾ ਕਿ ਜੇਕਰ ਸਮੇਂ ਸਿਰ ਨਸ਼ਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਂਦੇ ਤਾਂ ਸ਼ਾਇਦ ਅੱਜ ਪਰਵਿੰਦਰ ਝੋਟਾ ਸਾਡੇ ਵਿਚਕਾਰ ਹੁੰਦਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਜਿਹੜੇ ਲੋਕ ਦੋਸ਼ੀ ਹਨ, ਉਨ੍ਹਾਂ ਵਿਰੁੱਧ ਸਰਕਾਰ ਸਖ਼ਤ ਕਾਰਵਾਈ ਕਰੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਨੌਜਵਾਨ ਦੀ ਜਾਨ ਨਾ ਜਾਵੇ।
ਇਸ ਦੌਰਾਨ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਫਿਲਮ "ਥਾਪੀ" ਦੀ ਰਿਲੀਜ਼ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ, "ਮੈਂ ਜੋ ਹਾਂ ਉਹ ਪੰਜਾਬ ਕਰਕੇ ਹਾਂ। ਇਹ ਫਿਲਮ ਉਦੋਂ ਹੀ ਰਿਲੀਜ਼ ਹੋਵੇਗੀ ਜਦੋਂ ਸਥਿਤੀ ਸੁਧਰੇਗੀ।" 16 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਇਹ ਫਿਲਮ ਨਹੀਂ ਦਿਖਾਈ ਜਾਵੇਗੀ।