26 ਨਵੰਬਰ ਨੂੰ ਫਿਲੌਰ ਵਿੱਚ ਹੋਵੇਗੀ ਬਸਪਾ ਦੀ ਵਿਸ਼ਾਲ ‘ਪੰਜਾਬ ਸੰਭਾਲੋ ਰੈਲੀ'
Kapurthala News: ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਨੂੰ ਲੈ ਕੇ ਸ਼ੁਰੂ ਕੀਤੀ ਗਈ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ 2026, ਦਿਨ ਵੀਰਵਾਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿੱਚ ਵਿਸ਼ਾਲ ‘ਪੰਜਾਬ ਸੰਭਾਲੋ ਰੈਲੀ’ ਕੀਤੀ ਜਾ ਰਹੀ ਹੈ।
Kapurthala News: ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਸਮਾਜਿਕ ਸਥਿਤੀ ਨੂੰ ਲੈ ਕੇ ਸ਼ੁਰੂ ਕੀਤੀ ਗਈ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ 2026, ਦਿਨ ਵੀਰਵਾਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿੱਚ ਵਿਸ਼ਾਲ ‘ਪੰਜਾਬ ਸੰਭਾਲੋ ਰੈਲੀ’ ਕੀਤੀ ਜਾ ਰਹੀ ਹੈ।
ਨੈਸ਼ਨਲ ਹਾਈਵੇਅ ’ਤੇ ਹੋਣ ਵਾਲੀ ਇਸ ਰੈਲੀ ਵਿੱਚ ਬਸਪਾ ਦੇ ਨੈਸ਼ਨਲ ਕਨਵੀਨੀਅਰ ਆਕਾਸ਼ ਆਨੰਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪਾਰਟੀ ਵੱਲੋਂ ਇਸ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਦੇਸ਼ ਭਰ ਤੋਂ ਪਾਰਟੀ ਦੇ ਕੌਮੀ ਤੇ ਸੂਬਾਈ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਇਸ ਸਬੰਧੀ ਅੱਜ ਸੁਲਤਾਨਪੁਰ ਲੋਧੀ ਪ੍ਰੈੱਸ ਕਲੱਬ ਵਿਖੇ ਆਯੋਜਿਤ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਸਾਬਕਾ ਲੋਕ ਸਭਾ ਮੈਂਬਰ ਤੇ ਚੰਡੀਗੜ੍ਹ ਦੇ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਵਿਧਾਨ ਦਿਵਸ ਦੇ ਇਤਿਹਾਸਕ ਮੌਕੇ ’ਤੇ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨ ਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਦਾ ਅਹਿਮ ਮੰਚ ਸਾਬਤ ਹੋਵੇਗੀ।
ਡਾ. ਕਰੀਮਪੁਰੀ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ਚੁਣੀ ਸੀ ਪਰ ਅੱਜ ਵੀ ਲੋਕਾਂ ਦੇ ਬੁਨਿਆਦੀ ਮੁੱਦੇ ਅਤੇ ਸਮੱਸਿਆਵਾਂ ਸਿਆਸੀ ਚਰਚਾ ਦੇ ਕੇਂਦਰ ਵਿੱਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ, ਲੋਕਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਸੰਵਿਧਾਨ ਦੀਆਂ ਮੂਲ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀ ਤਾਕਤ ਦਾ ਅਹਿਸਾਸ ਕਰਵਾਉਣ।
ਇਸ ਮੌਕੇ ਡਾ. ਕਰੀਮਪੁਰੀ ਦੇ ਨਾਲ ਪੰਜਾਬ ਭਰ ਤੋਂ ਪਾਰਟੀ ਦੇ ਵੱਡੀ ਗਿਣਤੀ ਵਿੱਚ ਸੂਬਾਈ ਆਗੂ, ਅਹੁਦੇਦਾਰ ਅਤੇ ਵਰਕਰ ਮੌਜੂਦ ਸਨ। ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਰੈਲੀ ਦੀ ਸਫ਼ਲਤਾ ਲਈ ਪੂਰੀ ਤਨਦੇਹੀ ਨਾਲ ਜੁਟਣ ਅਤੇ ਪਿੰਡ-ਪਿੰਡ ਤੱਕ ਮੁਹਿੰਮ ਦਾ ਸੁਨੇਹਾ ਪਹੁੰਚਾਉਣ ਲਈ ਲਾਮਬੰਦ ਕੀਤਾ।
ਬਸਪਾ ਆਗੂਆਂ ਨੇ ਦਾਅਵਾ ਕੀਤਾ ਕਿ ਫਿਲੌਰ ਵਿਖੇ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਅਹਿਮ ਸੰਦੇਸ਼ ਦੇਵੇਗੀ। ਪਾਰਟੀ ਵੱਲੋਂ ਇਸ ਰਾਹੀਂ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਹੁਣ ਸਭ ਦੀਆਂ ਨਜ਼ਰਾਂ 26 ਨਵੰਬਰ ਨੂੰ ਹੋਣ ਵਾਲੀ ਇਸ ਰੈਲੀ ’ਤੇ ਟਿਕੀਆਂ ਹੋਈਆਂ ਹਨ।