Rajbir Ghuman News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਤੋਂ ਪੁੱਛਗਿੱਛ ਮਗਰੋਂ ਹੁਣ ਕੇਂਦਰੀ ਜਾਂਚ ਬਿਊਰੋ (CBI) ਨੇ ਉਨ੍ਹਾਂ ਦੇ ਕਰੀਬੀ ਮੰਨੇ ਜਾਂਦੇ ਵਿਅਕਤੀਆਂ ਵੱਲ ਜਾਂਚ ਦਾ ਰੁਖ਼ ਕੀਤਾ ਹੈ। ਜਾਂਚ ਏਜੰਸੀ ਨੇ ਛੇ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਨਿਤਿਨ ਗੋਹਲ, ਜਿਤਿਨ ਗੋਹਲ,ਰੋਮੀ ਮਹਾਜਨ, ਬੀਰ ਦਵਿੰਦਰ ਸਿੰਘ, ਪੁਸ਼ਪਿੰਦਰ ਚਾਹਲ ਅਤੇ ਹੋਰ ਵਿਅਕਤੀ ਸ਼ਾਮਲ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਕੁਝ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਬਾਕੀਆਂ ਨੂੰ 18 ਅਕਤੂਬਰ ਨੂੰ ਸੀਬੀਆਈ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਰਾਜਬੀਰ ਸਿੰਘ ਘੁੰਮਣ ਇਸ ਤੋਂ ਪਹਿਲਾਂ ਸੀਬੀਆਈ ਸਾਹਮਣੇ ਪੇਸ਼ ਹੋ ਚੁੱਕੇ ਹਨ, ਜਿੱਥੇ ਉਨ੍ਹਾਂ ਤੋਂ ਕਰੀਬ ਛੇ ਘੰਟੇ ਪੁੱਛਗਿੱਛ ਕੀਤੀ ਸੀ। ਉਨ੍ਹਾਂ ਨੇ ਇਸ ਮਾਮਲੇ ਨੂੰ ਸਿਆਸੀ ਪ੍ਰੇਰਿਤ ਕਰਾਰ ਦਿੱਤਾ ਸੀ। ਘੁੰਮਣ ਮੁਤਾਬਕ ਜਾਂਚ ਏਜੰਸੀ ਨੇ ਉਨ੍ਹਾਂ ਤੋਂ ਲਗਭਗ 40 ਸਵਾਲ ਪੁੱਛੇ ਸਨ, ਜਿਨ੍ਹਾਂ ਦੇ ਉਨ੍ਹਾਂ ਨੇ ਜਵਾਬ ਦਿੱਤੇ। ਹੁਣ ਉਨ੍ਹਾਂ ਨੂੰ ਸੋਮਵਾਰ ਨੂੰ ਮੁੜ ਤਲਬ ਕੀਤਾ ਗਿਆ ਹੈ।
ਗੋਹਲ ਭਰਾ ਪਹਿਲੀ ਵਾਰ ਜਾਂਚ ਵਿੱਚ ਹੋਏ ਸ਼ਾਮਲ
ਜਾਣਕਾਰੀ ਮੁਤਾਬਕ ਨਿਤਿਨ ਗੋਹਲ ਤੇ ਜਿਤਿਨ ਗੋਹਲ ਪਹਿਲੀ ਵਾਰ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਏ। ਸੀਬੀਆਈ ਇਸ ਤੋਂ ਪਹਿਲਾਂ ਬੀਰ ਦਵਿੰਦਰ ਸਿੰਘ ਦੇ ਪਿਤਾ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਬੀਰ ਦਵਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਉਪ ਪ੍ਰਧਾਨ ਹਨ ਤੇ ਉਹ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਵੀ ਲੜ ਚੁੱਕੇ ਹਨ।
ਹਾਈ ਕੋਰਟ ਦੇ ਹੁਕਮਾਂ ਪਿੱਛੋਂ ਸੀਬੀਆਈ ਨੇ 5 ਅਕਤੂਬਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਕੇਸ ਵਿੱਚ ਰਾਜਬੀਰ ਸਿੰਘ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਸਿੰਘ, ਆਰਐਸ ਨਾਗਰਾ ਅਤੇ ਕੁਝ ਅਣਪਛਾਤੇ ਸਰਕਾਰੀ ਤੇ ਨਿੱਜੀ ਵਿਅਕਤੀਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਜਾਂਚ ਦੌਰਾਨ ਸੀਬੀਆਈ ਪੰਜਾਬ ਸਰਕਾਰ ਦੇ 15 ਤੋਂ ਵੱਧ ਵਿਭਾਗਾਂ ਦੀਆਂ ਫਾਈਲਾਂ ਤੇ 22 ਤੋਂ ਵੱਧ ਅਧਿਕਾਰੀਆਂ ਦੇ ਤਬਾਦਲਿਆਂ ਨਾਲ ਸਬੰਧਤ ਰਿਕਾਰਡ ਦੀ ਜਾਂਚ ਕਰ ਰਹੀ ਹੈ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਵਿੱਚ ਵੱਖ-ਵੱਖ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੀਐਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਨੂੰ 12 ਅਕਤੂਬਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਅਦਾਲਤ ਨੇ ਸੀਬੀਆਈ ਵੱਲੋਂ ਦਰਜ ਐੱਫਆਈਆਰ ਦੇ ਸਬੰਧ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਂਦਿਆਂ ਹੁਕਮ ਦਿੱਤਾ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ। ਹਾਲਾਂਕਿ, ਜਾਂਚ ਜਾਰੀ ਹੈ ਤੇ CBI ਵੱਲੋਂ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।