Sikh Marriage Rights: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਵੀ ਇੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਮਾਨ ਨਾਗਰਿਕ ਸੰਹਿਤਾ (Uniform Civil Code-UCC) ਦੇ ਮੁੱਦੇ 'ਤੇ ਵਿਚਾਰ ਕਰਦਿਆਂ ਸਿੱਖ ਕੌਮ ਦੀ ਵੱਖਰੀ ਧਾਰਮਿਕ ਪਛਾਣ, ਧਾਰਮਿਕ ਮਰਿਆਦਾ, ਆਨੰਦ ਕਾਰਜ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ। ਰਵੀ ਇੰਦਰ ਸਿੰਘ ਨੇ ਕਿਹਾ ਕਿ ਭਾਰਤ ਇੱਕ ਬਹੁ-ਧਰਮੀ ਅਤੇ ਬਹੁ-ਸੱਭਿਆਚਾਰਕ ਦੇਸ਼ ਹੈ, ਜਿੱਥੇ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦੀਆਂ ਆਪਣੀਆਂ ਧਾਰਮਿਕ ਰਵਾਇਤਾਂ, ਮਾਨਤਾਵਾਂ ਅਤੇ ਜੀਵਨ-ਜਾਚ ਹਨ। ਭਾਰਤ ਦੀ ਏਕਤਾ ਅਤੇ ਮਜ਼ਬੂਤੀ ਇਸ ਦੀ ਵਿਭਿੰਨਤਾ ਦਾ ਸਤਿਕਾਰ ਕਰਨ ਵਿੱਚ ਹੈ।
ਇਸ ਲਈ ਕਿਸੇ ਵੀ ਨਵੇਂ ਕਾਨੂੰਨ ਦੀ ਰਚਨਾ ਕਰਦਿਆਂ ਕਿਸੇ ਵੀ ਧਾਰਮਿਕ ਭਾਈਚਾਰੇ ਦੀ ਵਿਲੱਖਣ ਪਛਾਣ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਆਪਣਾ ਵੱਖਰਾ ਧਾਰਮਿਕ ਵਿਆਹ ਸੰਸਕਾਰ 'ਆਨੰਦ ਕਾਰਜ' ਹੈ, ਜਿਸ ਨੂੰ ਆਨੰਦ ਮੈਰਿਜ ਐਕਟ, 1909 ਰਾਹੀਂ ਕਾਨੂੰਨੀ ਮਾਨਤਾ ਪ੍ਰਾਪਤ ਹੈ।
ਸੰਸਦ ਵੱਲੋਂ 2012 ਵਿੱਚ ਇਸ ਐਕਟ ਵਿੱਚ ਸੋਧ ਕਰਕੇ ਧਾਰਾ 6 ਸ਼ਾਮਲ ਕੀਤੀ ਗਈ ਸੀ, ਜਿਸ ਅਧੀਨ ਆਨੰਦ ਕਾਰਜ ਰਾਹੀਂ ਹੋਏ ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ਕਾਨੂੰਨੀ ਪ੍ਰਬੰਧ ਕੀਤਾ ਗਿਆ। ਇਸ ਲਈ ਕੇਂਦਰ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ UCC ਦੇ ਕਿਸੇ ਵੀ ਪ੍ਰਸਤਾਵ ਜਾਂ ਕਾਨੂੰਨ ਨਾਲ ਆਨੰਦ ਮੈਰਿਜ ਐਕਟ ਦੀ ਮੌਜੂਦਾ ਕਾਨੂੰਨੀ ਮਾਨਤਾ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰ ਪ੍ਰਭਾਵਿਤ ਨਹੀਂ ਹੋਣਗੇ।
ਉਨ੍ਹਾਂ ਵਿਸ਼ੇਸ਼ ਤੌਰ 'ਤੇ ਸੁਪਰੀਮ ਕੋਰਟ ਦੇ 4 ਸਤੰਬਰ 2025 ਦੇ ਅਹਿਮ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਦਾਲਤ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ ਐਕਟ, 1909 ਦੀ ਧਾਰਾ 6 ਅਧੀਨ ਆਨੰਦ ਕਾਰਜ ਰਾਹੀਂ ਹੋਏ ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ਚਾਰ ਮਹੀਨਿਆਂ ਦੇ ਅੰਦਰ ਨਿਯਮ ਬਣਾਉਣ ਅਤੇ ਨੋਟੀਫਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜਦੋਂ ਤੱਕ ਅਜਿਹੇ ਨਿਯਮ ਨਹੀਂ ਬਣਦੇ, ਉਦੋਂ ਤੱਕ ਵਿਆਹਾਂ ਦੀ ਰਜਿਸਟ੍ਰੇਸ਼ਨ ਮੌਜੂਦਾ ਪ੍ਰਬੰਧਾਂ ਅਧੀਨ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੀ ਸਰਵਉੱਚ ਅਦਾਲਤ ਸਿੱਖਾਂ ਦੇ ਆਨੰਦ ਕਾਰਜ ਦੀ ਵੱਖਰੀ ਕਾਨੂੰਨੀ ਪਛਾਣ ਅਤੇ ਇਸ ਦੀ ਰਜਿਸਟ੍ਰੇਸ਼ਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦੇ ਰਹੀ ਹੈ ਤਾਂ ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ UCC ਬਾਰੇ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇਸ ਕਾਨੂੰਨੀ ਅਤੇ ਧਾਰਮਿਕ ਪੱਖ ਨੂੰ ਪੂਰੀ ਗੰਭੀਰਤਾ ਨਾਲ ਵਿਚਾਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਨੰਦ ਮੈਰਿਜ ਐਕਟ ਸਿਰਫ਼ ਵਿਆਹ ਦੀ ਰਸਮ ਅਤੇ ਉਸ ਦੀ ਕਾਨੂੰਨੀ ਮਾਨਤਾ ਨਾਲ ਸਬੰਧਤ ਹੈ। ਇਸ ਨੂੰ ਸਿੱਖਾਂ ਦੇ ਸਾਰੇ ਨਿੱਜੀ ਕਾਨੂੰਨੀ ਅਧਿਕਾਰਾਂ ਦੀ ਸੰਪੂਰਨ ਸੁਰੱਖਿਆ ਨਹੀਂ ਮੰਨਿਆ ਜਾ ਸਕਦਾ। ਇਸ ਲਈ ਵਿਆਹ, ਤਲਾਕ, ਪਰਿਵਾਰਕ ਮਾਮਲਿਆਂ ਅਤੇ ਹੋਰ ਸਬੰਧਤ ਅਧਿਕਾਰਾਂ ਬਾਰੇ ਵੀ ਸਿੱਖ ਕੌਮ ਦੀਆਂ ਧਾਰਮਿਕ ਮਾਨਤਾਵਾਂ ਅਤੇ ਸੰਵਿਧਾਨਕ ਹੱਕਾਂ ਦੀ ਸਪੱਸ਼ਟ ਸੁਰੱਖਿਆ ਹੋਣੀ ਚਾਹੀਦੀ ਹੈ।
ਬਾਦਲ ਅਕਾਲੀ ਦਲ ਨੂੰ ਸਵਾਲ ਕਰਦਿਆਂ ਰਵੀ ਇੰਦਰ ਸਿੰਘ ਨੇ ਕਿਹਾ ਕਿ ਭਾਜਪਾ ਨਾਲ ਗੱਠਜੋੜ ਕਰਨ ਵਾਲੇ *ਬਾਦਲ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਸ ਗੱਠਜੋੜ ਵਿੱਚ ਪੰਜਾਬ ਦੇ ਹਿੱਤਾਂ, ਸਿੱਖ ਕੌਮ ਦੀ ਵੱਖਰੀ ਪਛਾਣ ਅਤੇ ਪੰਥਕ ਮਸਲਿਆਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਗਈ ਹੈ ਜਾਂ ਸਿਆਸੀ ਲਾਭ ਲਈ ਇਨ੍ਹਾਂ ਅਹਿਮ ਮੁੱਦਿਆਂ ਨੂੰ ਪਿੱਛੇ ਛੱਡ ਦਿੱਤਾ ਗਿਆ ਹੈ?
ਉਨ੍ਹਾਂ ਕਿਹਾ ਕਿ ਬਾਦਲ ਅਕਾਲੀ ਦਲ ਨੂੰ ਖ਼ਾਸ ਤੌਰ 'ਤੇ ਇਹ ਦੱਸਣਾ ਚਾਹੀਦਾ ਹੈ ਕਿ UCC ਵਰਗੇ ਸੰਵੇਦਨਸ਼ੀਲ ਮੁੱਦੇ ਉੱਤੇ ਉਸ ਦਾ ਕੀ ਸਟੈਂਡ ਹੈ ਅਤੇ ਕੀ ਭਾਜਪਾ ਨਾਲ ਗੱਠਜੋੜ ਕਰਦਿਆਂ ਸਿੱਖਾਂ ਦੀ ਵੱਖਰੀ ਧਾਰਮਿਕ ਪਛਾਣ, ਆਨੰਦ ਮੈਰਿਜ ਐਕਟ ਅਤੇ ਪੰਥਕ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੋਈ ਸਪੱਸ਼ਟ ਭਰੋਸਾ ਜਾਂ ਸ਼ਰਤ ਰੱਖੀ ਗਈ ਹੈ?
ਉਨ੍ਹਾਂ ਕਿਹਾ ਕਿ ਬਾਦਲ ਅਕਾਲੀ ਦਲ ਦੇ ਪਿਛਲੇ ਸਿਆਸੀ ਫ਼ੈਸਲਿਆਂ ਅਤੇ ਉਨ੍ਹਾਂ ਦੇ ਪੰਥਕ ਪ੍ਰਭਾਵਾਂ ਬਾਰੇ ਸਿੱਖ ਕੌਮ ਅੰਦਰ ਪਹਿਲਾਂ ਹੀ ਗੰਭੀਰ ਸਵਾਲ ਮੌਜੂਦ ਹਨ। ਇਸ ਲਈ ਹੁਣ ਕਿਸੇ ਵੀ ਨਵੇਂ ਸਿਆਸੀ ਸਮਝੌਤੇ ਬਾਰੇ ਪੰਜਾਬ ਅਤੇ ਪੰਥ ਨੂੰ ਭਰੋਸੇ ਵਿੱਚ ਲੈਣਾ ਬੇਹੱਦ ਜ਼ਰੂਰੀ ਹੈ। ਪੰਜਾਬ ਦੇ ਲੋਕ ਆਪਣੇ ਹਿੱਤਾਂ ਅਤੇ ਪੰਥਕ ਸਿਧਾਂਤਾਂ ਦੀ ਕੀਮਤ 'ਤੇ ਕੀਤੇ ਗਏ ਕਿਸੇ ਵੀ ਸਿਆਸੀ ਸਮਝੌਤੇ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।
ਰਵੀ ਇੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ UCC ਬਾਰੇ ਕੋਈ ਵੀ ਅੰਤਿਮ ਫ਼ੈਸਲਾ ਲੈਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਕਾਨੂੰਨੀ ਮਾਹਿਰਾਂ ਅਤੇ ਧਾਰਮਿਕ ਆਗੂਆਂ ਨਾਲ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾਵੇ। ਸਿੱਖ ਕੌਮ ਦੀਆਂ ਚਿੰਤਾਵਾਂ ਦਾ ਨਿਪਟਾਰਾ ਕੀਤੇ ਬਿਨਾਂ ਅਜਿਹਾ ਕੋਈ ਕਦਮ ਨਾ ਚੁੱਕਿਆ ਜਾਵੇ ਜਿਸ ਨਾਲ ਸਿੱਖਾਂ ਦੀ ਵੱਖਰੀ ਧਾਰਮਿਕ ਪਛਾਣ ਜਾਂ ਸੰਵਿਧਾਨਕ ਅਧਿਕਾਰਾਂ ਬਾਰੇ ਕੋਈ ਭੰਬਲਭੂਸਾ ਪੈਦਾ ਹੋਵੇ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸਪੱਸ਼ਟ ਮਤ ਹੈ ਕਿ ਦੇਸ਼ ਦੀ ਏਕਤਾ ਦਾ ਅਰਥ ਸਾਰੀਆਂ ਕੌਮਾਂ ਦੀਆਂ ਵੱਖਰੀਆਂ ਪਛਾਣਾਂ ਨੂੰ ਇੱਕੋ ਕਾਨੂੰਨੀ ਜਾਂ ਸੱਭਿਆਚਾਰਕ ਢਾਂਚੇ ਵਿੱਚ ਸਮੇਟਣਾ ਨਹੀਂ, ਸਗੋਂ ਹਰ ਧਰਮ ਅਤੇ ਭਾਈਚਾਰੇ ਦੇ ਸੰਵਿਧਾਨਕ ਅਧਿਕਾਰਾਂ ਦਾ ਸਤਿਕਾਰ ਕਰਨਾ ਹੈ। ਕੇਂਦਰ ਸਰਕਾਰ ਨੂੰ ਸਿੱਖ ਕੌਮ ਦੀ ਵੱਖਰੀ ਪਛਾਣ, ਆਨੰਦ ਕਾਰਜ ਦੀ ਕਾਨੂੰਨੀ ਮਾਨਤਾ ਅਤੇ ਪੰਥਕ ਅਧਿਕਾਰਾਂ ਦੀ ਸੁਰੱਖਿਆ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਇਹ ਬਿਆਨ ਮੀਡੀਆ ਇਨਚਾਰਜ ਦਿੱਤੀ ਜਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ।