CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਯੁੱਧ ਨੂੰ ਲੈ ਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਫਿਲੌਰ ਵਿੱਚ ਇਹ ਮੀਟਿੰਗ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਡੀਐਸਪੀ ਸ਼ਾਮਿਲ ਹੋਣਗੇ।
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਚ ਪੱਧਰੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦੌਰਾਨ ਸੂਬੇ ਦੀ ਮੌਜੂਦਾ ਸੁਰੱਖਿਆ ਸਥਿਤੀ ਅਤੇ ਪੁਲਿਸ ਪ੍ਰਬੰਧਾਂ ਦੀ ਸਮੀਖਿਆ ਕੀਤੇ ਜਾਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਇਹ ਕਦਮ ਅਪਰਾਧਾਂ ’ਤੇ ਕਾਬੂ ਪਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (ਐੱਸਐੱਸਪੀਜ਼) ਅਤੇ ਡਿਪਟੀ ਕਮਿਸ਼ਨਰਾਂ (ਡੀਸੀਜ਼) ਨਾਲ ਵੀ ਇੱਕ ਅਹਿਮ ਮੀਟਿੰਗ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਪ੍ਰਸਤਾਵਿਤ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹਾ ਪੱਧਰ ’ਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣਾ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਲਈ ਲੋੜੀਂਦੇ ਕਦਮਾਂ ’ਤੇ ਵਿਚਾਰ ਕਰਨਾ ਹੋਵੇਗਾ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਪਰਾਧਾਂ ਦੀ ਸਥਿਤੀ, ਪੁਲਿਸ ਦੀ ਕਾਰਵਾਈ ਅਤੇ ਪ੍ਰਸ਼ਾਸਨਿਕ ਤਾਲਮੇਲ ਵਰਗੇ ਮੁੱਦੇ ਵਿਚਾਰੇ ਜਾ ਸਕਦੇ ਹਨ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਿਆਸੀ ਆਗੂਆਂ ਅਤੇ ਆਮ ਲੋਕਾਂ ਵੱਲੋਂ ਚਿੰਤਾ ਪ੍ਰਗਟਾਈ ਜਾ ਰਹੀ ਹੈ। ਅਜਿਹੇ ਵਿੱਚ ਸਰਕਾਰ ’ਤੇ ਦੋਸ਼ੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰਨ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਦੀ ਜ਼ਿੰਮੇਵਾਰੀ ਹੈ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਰਣਨੀਤੀ ਤਿਆਰ ਕਰਨਾ ਵੀ ਇਸ ਮੀਟਿੰਗ ਦਾ ਅਹਿਮ ਹਿੱਸਾ ਹੋ ਸਕਦਾ ਹੈ।