Punjab Weather News: ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਅਸਰ ਵਧਣ ਲੱਗਾ ਹੈ। ਮੌਸਮ ਵਿਭਾਗ ਨੇ ਇਸ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਸੂਬੇ ਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਹਾਲਾਂਕਿ ਰਾਤ ਵੇਲੇ ਠੰਢ ਦਾ ਅਹਿਸਾਸ ਹੋਵੇਗਾ ਤੇ ਆਉਣ ਵਾਲੇ ਦਿਨਾਂ ਵਿੱਚ ਸਰਦੀ ਵਧੇਗੀ।
ਹਾਲਾਂਕਿ, 26 ਨਵੰਬਰ ਤੱਕ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਦਰਜ ਨਹੀਂ ਕੀਤੀ ਗਈ ਅਤੇ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਨ੍ਹੀਂ ਦਿਨੀਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫ਼ੀ ਅੰਤਰ ਦੇਖਣ ਨੂੰ ਮਿਲ ਰਿਹਾ ਹੈ। ਦਿਨ ਵੇਲੇ ਤੇਜ਼ ਧੁੱਪ ਕਾਰਨ ਤਾਪਮਾਨ 30 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਰਿਹਾ ਹੈ, ਜਦਕਿ ਰਾਤ ਸਮੇਂ ਪਾਰਾ 7 ਡਿਗਰੀ ਤੱਕ ਹੇਠਾਂ ਆ ਰਿਹਾ ਹੈ। ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 28.6 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤਰ੍ਹਾਂ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 21.4 ਡਿਗਰੀ ਦਾ ਫਰਕ ਰਿਹਾ। ਇਸੇ ਤਰ੍ਹਾਂ ਲੁਧਿਆਣਾ ਅਤੇ ਬਠਿੰਡਾ ਵਿੱਚ ਵੀ ਦੋਵਾਂ ਤਾਪਮਾਨਾਂ ਵਿਚਾਲੇ 20.6 ਡਿਗਰੀ ਦਾ ਅੰਤਰ ਦਰਜ ਕੀਤਾ ਗਿਆ।
ਚੰਡੀਗੜ੍ਹ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 30.1 ਡਿਗਰੀ ਸੈਲਸੀਅਸ ਰਿਹਾ, ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ 10.6 ਡਿਗਰੀ ਦਰਜ ਕੀਤਾ ਗਿਆ। ਮੋਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 29.1 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਰਿਹਾ। ਇਸ ਕਾਰਨ ਦੁਪਹਿਰ ਵੇਲੇ ਗਰਮੀ ਮਹਿਸੂਸ ਹੋ ਰਹੀ ਹੈ, ਜਦਕਿ ਸਵੇਰ ਅਤੇ ਰਾਤ ਸਮੇਂ ਠੰਢ ਵਧ ਰਹੀ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
ਇਸ ਨਾਲ ਸਵੇਰ ਅਤੇ ਰਾਤ ਦੇ ਸਮੇਂ ਠੰਢ ਦਾ ਅਸਰ ਹੋਰ ਵਧਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਦੇ ਉੱਪਰੀ ਵਾਯੂਮੰਡਲ ਵਿੱਚ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋ ਗਈ ਹੈ, ਜੋ ਪੱਛਮੀ ਹਵਾਵਾਂ ਦੇ ਨਾਲ ਅੱਗੇ ਵਧ ਰਹੀ ਹੈ। ਇਸ ਤੋਂ ਪਹਿਲਾਂ ਸਰਗਰਮ ਰਹੀ ਪੱਛਮੀ ਗੜਬੜ ਪੂਰਬ ਅਤੇ ਉੱਤਰ-ਪੂਰਬ ਵੱਲ ਵਧ ਚੁੱਕੀ ਹੈ। ਹਾਲਾਂਕਿ, ਨਵੀਂ ਪੱਛਮੀ ਗੜਬੜ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।
ਇਸ ਸਮੇਂ ਚੱਕਰਵਾਤੀ ਤੂਫ਼ਾਨ ਅਕਵਾਨ ਦੇ ਪ੍ਰਭਾਵ ਕਾਰਨ ਪੂਰਬੀ ਹਵਾਵਾਂ ਚੱਲ ਰਹੀਆਂ ਹਨ। 22 ਨਵੰਬਰ ਤੋਂ ਉੱਤਰੀ ਹਵਾਵਾਂ ਚੱਲਣ ਦੀ ਉਮੀਦ ਹੈ, ਜਿਸ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ ਅਤੇ ਠੰਢ ਦਾ ਅਹਿਸਾਸ ਵਧੇਗਾ।