ਡਾ. ਦਲਜੀਤ ਚੀਮਾ ਦਾ ਅਕਾਲੀ-ਭਾਜਪਾ ਗਠਜੋੜ 'ਤੇ ਵਿਰੋਧੀਆਂ ਉਤੇ ਪਲਟਵਾਰ
Dr Daljit Cheema News: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਬਿਆਨਬਾਜ਼ੀ ਦਾ ਦੌਰ ਲਗਾਤਾਰ ਜਾਰੀ ਹੈ।
Dr Daljit Cheema News: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਬਿਆਨਬਾਜ਼ੀ ਦਾ ਦੌਰ ਲਗਾਤਾਰ ਜਾਰੀ ਹੈ। ਵਿਰੋਧੀ ਪਾਰਟੀਆਂ ਵੱਲੋਂ ਗੱਠਜੋੜ ਦੀ ਟਾਈਮਿੰਗ, ਇਸ ਦੇ ਪਿੱਛੇ ਦੇ ਸਿਆਸੀ ਮੁੱਦਿਆਂ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵਿਰੋਧੀਆਂ ਨੂੰ ਜਵਾਬ ਦਿੰਦਿਆਂ ਸਿੱਧਾ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਗਠਜੋੜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਇਆ ਹੈ ਪਰ ਇਸ ਤੋਂ ਸਭ ਤੋਂ ਵੱਧ ਤਕਲੀਫ਼ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਹੋ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਹ ਸਮਝੌਤਾ ਸਹੀ ਨਹੀਂ ਹੈ ਤਾਂ ਵਿਰੋਧੀ ਪਾਰਟੀਆਂ ਨੂੰ ਖੁਸ਼ ਹੋਣਾ ਚਾਹੀਦਾ ਹੈ ਪਰ ਇਸ ਦੇ ਉਲਟ ਉਹ ਲਗਾਤਾਰ ਇਸ 'ਤੇ ਸਵਾਲ ਚੁੱਕ ਰਹੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਗਠਜੋੜ ਦੇ ਐਲਾਨ ਨਾਲ ਪੰਜਾਬ ਸਰਕਾਰ ਦੀਆਂ ਚੂਲਾਂ ਹਿੱਲ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਿਆਸੀ ਜ਼ਮੀਨ ਖ਼ਤਮ ਹੋਣ ਵਾਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਤੋਂ ਲੈ ਕੇ ਸਰਕਾਰੀ ਮਸ਼ੀਨਰੀ ਤੱਕ ਇਸ ਗਠਜੋੜ ਦੇ ਹਾਂ-ਪੱਖੀ ਪ੍ਰਭਾਵ ਨੂੰ ਰੋਕਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਸੀਟਾਂ ਦੀ ਵੰਡ ਨੂੰ ਲੈ ਕੇ ਕੀ ਹੋਵੇਗੀ ਰਣਨੀਤੀ?
ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਉੱਠ ਰਹੇ ਸਵਾਲਾਂ 'ਤੇ ਡਾ. ਚੀਮਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਇੱਕ-ਦੂਜੇ ਦੀ ਤਾਕਤ ਅਤੇ ਸਿਆਸੀ ਆਧਾਰ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ। ਦੋਵਾਂ ਪਾਰਟੀਆਂ ਨੇ ਪਹਿਲਾਂ ਵੀ 23 ਸਾਲ ਇਕੱਠਿਆਂ ਕੰਮ ਕੀਤਾ ਹੈ। ਇਸ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਵੱਡੀ ਮੁਸ਼ਕਲ ਨਹੀਂ ਆਵੇਗੀ।
ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੱਖ ਮਕਸਦ ਅਜਿਹੇ ਹਲਕਿਆਂ ਦੀ ਚੋਣ ਕਰਨਾ ਹੈ, ਜਿੱਥੇ ਸਬੰਧਤ ਪਾਰਟੀ ਮਜ਼ਬੂਤੀ ਨਾਲ ਚੋਣ ਲੜ ਸਕੇ ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਸਿਆਸੀ ਤੌਰ 'ਤੇ ਚੁਣੌਤੀ ਦਿੱਤੀ ਜਾ ਸਕੇ। ਚੀਮਾ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਦੋਵਾਂ ਪਾਰਟੀਆਂ ਦੇ ਪ੍ਰਧਾਨ ਬੈਠ ਕੇ ਸੀਟਾਂ ਦੀ ਵੰਡ ਤੈਅ ਕਰਨਗੇ। ਜਿਹੜੀਆਂ ਸੀਟਾਂ ਭਾਜਪਾ ਦੇ ਹਿੱਸੇ ਆਉਣਗੀਆਂ, ਉੱਥੇ ਉਮੀਦਵਾਰ ਚੁਣਨ ਦਾ ਅਧਿਕਾਰ ਭਾਜਪਾ ਕੋਲ ਹੋਵੇਗਾ ਅਤੇ ਜਿਹੜੀਆਂ ਸੀਟਾਂ ਅਕਾਲੀ ਦਲ ਨੂੰ ਮਿਲਣਗੀਆਂ, ਉੱਥੇ ਅਕਾਲੀ ਦਲ ਆਪਣਾ ਉਮੀਦਵਾਰ ਤੈਅ ਕਰੇਗਾ।
ਮੋਗਾ ਰੈਲੀ ਨੂੰ ਲੈ ਕੇ ਅਕਾਲੀ ਦਲ ਵਿੱਚ ਉਤਸ਼ਾਹ
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੇ ਮੋਗਾ ਦੌਰੇ ਅਤੇ ਰੈਲੀ ਦੀਆਂ ਤਿਆਰੀਆਂ ਬਾਰੇ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਰੈਲੀ ਆਪਣੇ ਆਪ ਵਿੱਚ ਇਤਿਹਾਸਕ ਹੋਵੇਗੀ। ਉਨ੍ਹਾਂ ਮੁਤਾਬਕ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਇਸ ਰੈਲੀ ਨੂੰ ਸਫਲ ਬਣਾਉਣ ਲਈ ਇਕੱਠੇ ਕੰਮ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਰੈਲੀ ਸਬੰਧੀ ਸੀਨੀਅਰ ਲੀਡਰਸ਼ਿਪ ਵੱਲੋਂ ਸਥਾਨ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਵਰਕਰਾਂ ਦੇ ਆਉਣ-ਜਾਣ, ਪਾਰਕਿੰਗ, ਲੰਗਰ, ਖਾਣ-ਪੀਣ ਅਤੇ ਮੀਡੀਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਨਾ ਆਵੇ। ਡਾ. ਚੀਮਾ ਨੇ ਕਿਹਾ ਕਿ ਇਸ ਰੈਲੀ ਵਿੱਚ ਦੋਵਾਂ ਪਾਰਟੀਆਂ ਵੱਲੋਂ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਤਸਵੀਰ ਵੀ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ : ਆਨੰਦ ਕਾਰਜ ਅਤੇ ਸੰਵਿਧਾਨਕ ਅਧਿਕਾਰਾਂ ਦੀ ਸੁਰੱਖਿਆ ਦੀ ਗਾਰੰਟੀ ਦੇਵੇ ਕੇਂਦਰ ਸਰਕਾਰ: ਰਵੀਇੰਦਰ ਸਿੰਘ