ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ; ਇਹ ਹੁਕਮ ਕੀਤੇ ਜਾਰੀ
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਐਕਸ਼ਨ ਸ਼ੁਰੂ ਦਿੱਤਾ ਹੈ।
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਐਕਸ਼ਨ ਸ਼ੁਰੂ ਦਿੱਤਾ ਹੈ। ਦਰਅਸਲ ਵਿੱਚ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਚੋਣਾਂ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਤਾਇਨਾਤ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਚੋਣ ਕਮਿਸ਼ਨ ਨੇ ਇਹ ਹੁਕਮ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ 5 ਸੂਬਿਆਂ ਨੂੰ ਜਾਰੀ ਕੀਤੇ ਹਨ। ਚੋਣ ਕਮਿਸ਼ਨ ਦੀ ਟੀਮ ਪੰਜਾਬ ਪੁੱਜ ਗਈ ਹੈ ਅਤੇ ਕੱਲ੍ਹ ਨੂੰ ਅਧਿਕਾਰੀਆਂ ਨਾਲ ਮੀਟਿੰਗ ਕੀਤੇ ਜਾਣ ਦੀ ਸੰਭਾਵਨਾ ਹੈ।
ਦਰਅਸਲ ਵਿੱਚ ਜਿਹੜੇ ਅਧਿਕਾਰੀਆਂ ਨੇ ਪਿਛਲੇ ਚਾਰ ਸਾਲਾਂ ਵਿੱਚ ਕਿਸੇ ਜ਼ਿਲ੍ਹੇ ਵਿੱਚ ਤਿੰਨ ਸਾਲ ਪੂਰੇ ਕਰ ਲਏ ਹਨ, ਜਾਂ ਜਿਨ੍ਹਾਂ ਨੇ ਨਿਰਧਾਰਤ ਕੱਟ-ਆਫ ਮਿਤੀ ਤੱਕ ਤਿੰਨ ਸਾਲ ਪੂਰੇ ਕਰ ਲਏ ਹਨ, ਉਨ੍ਹਾਂ ਨੂੰ ਜ਼ਿਲ੍ਹੇ ਤੋਂ ਹਟਾ ਦਿੱਤਾ ਜਾਵੇਗਾ। ਇਹ ਨਿਰਦੇਸ਼ ਚੋਣ ਸੁਰੱਖਿਆ ਤੇ ਪੁਲਿਸ ਤਾਇਨਾਤੀ ਵਿੱਚ ਸ਼ਾਮਲ ਅਧਿਕਾਰੀਆਂ, ਐਸਆਈ ਤੋਂ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ 'ਤੇ ਲਾਗੂ ਹੋਣਗੇ।
ਐਸਆਈ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ), ਰਿਟਰਨਿੰਗ ਅਧਿਕਾਰੀ (ਆਰਓ), ਸਹਾਇਕ ਰਿਟਰਨਿੰਗ ਅਧਿਕਾਰੀ (ਏਆਰਓ), ਪੁਲਿਸ ਇੰਸਪੈਕਟਰ ਅਤੇ ਐਸਆਈ ਜਾਂ ਇਸ ਤੋਂ ਉੱਚੇ ਰੈਂਕ ਦੇ ਅਧਿਕਾਰੀਆਂ ਨੂੰ ਉਸ ਹਲਕੇ ਜਾਂ ਜ਼ਿਲ੍ਹੇ ਵਿੱਚ ਦੁਬਾਰਾ ਤਾਇਨਾਤ ਨਹੀਂ ਕੀਤਾ ਜਾਵੇਗਾ ਜਿੱਥੇ ਉਨ੍ਹਾਂ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਜਾਂ ਬਾਅਦ ਦੀਆਂ ਉਪ ਚੋਣਾਂ ਦੌਰਾਨ ਤਾਇਨਾਤ ਕੀਤਾ ਗਿਆ ਸੀ।
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਇਹ ਨਿਰਦੇਸ਼ ਸਬੰਧਤ ਪੁਲਿਸ, ਆਬਕਾਰੀ ਅਤੇ ਟਰਾਂਸਪੋਰਟ ਵਿਭਾਗਾਂ ਦੇ ਅਧਿਕਾਰੀਆਂ 'ਤੇ ਵੀ ਲਾਗੂ ਹੋਣਗੇ। ਜਿਨ੍ਹਾਂ ਅਧਿਕਾਰੀਆਂ ਦੇ ਸਰਕਾਰੀ ਡਿਊਟੀਆਂ ਨਾਲ ਸਬੰਧਤ ਅਦਾਲਤ ਵਿੱਚ ਅਪਰਾਧਿਕ ਮਾਮਲੇ ਚੱਲ ਰਹੇ ਹਨ, ਉਨ੍ਹਾਂ ਨੂੰ ਚੋਣ ਨਾਲ ਸਬੰਧਤ ਡਿਊਟੀਆਂ ਨਹੀਂ ਸੌਂਪੀਆਂ ਜਾਣਗੀਆਂ।
ਇਸ ਦੌਰਾਨ ਚੋਣਾਂ ਲਈ ਪ੍ਰਸ਼ਾਸਕੀ ਤਿਆਰੀਆਂ ਲਗਭਗ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਈਆਂ ਹਨ। ਭਾਰਤੀ ਚੋਣ ਕਮਿਸ਼ਨ (ECI) ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਪਹੁੰਚੀ ਹੈ।
ਇਹ 10 ਮੈਂਬਰੀ ਕਮਿਸ਼ਨ ਟੀਮ ਅੱਜ (27 ਅਕਤੂਬਰ) ਅਤੇ ਕੱਲ੍ਹ (28 ਅਕਤੂਬਰ) ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਸਕੀ ਅਤੇ ਸੁਰੱਖਿਆ ਤਿਆਰੀਆਂ ਦੀ ਸਮੀਖਿਆ ਕਰ ਰਹੀ ਹੈ। ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ ਤੇ ਡਾਇਰੈਕਟਰ ਜਨਰਲਾਂ ਦੀ ਅਗਵਾਈ ਵਿੱਚ, ਟੀਮ ਪੰਜਾਬ ਦੇ ਮੁੱਖ ਚੋਣ ਅਧਿਕਾਰੀ (CEO) ਅਤੇ ਰਾਜ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗਾਂ ਕਰੇਗੀ।