ਭਾਜਪਾ ਸਰਕਾਰ ਬਣਨ ’ਤੇ ਪਹਿਲੇ ਦਿਨ ਤੋਂ ਮੁਲਾਜ਼ਮਾਂ ਨੂੰ ਕੇਂਦਰ ਦੀ ਤਰਜ਼ ਉਤੇ ਮਿਲੇਗਾ 63 ਫ਼ੀਸਦੀ ਡੀਏ: ਡਾ. ਸੁਭਾਸ਼ ਸ਼ਰਮਾ
Shri Anandpur Sahib: ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪਹਿਲੇ ਹੀ ਦਿਨ ਤੋਂ ਕੇਂਦਰ ਸਰਕਾਰ ਦੀ ਤਰਜ਼ ਉਤੇ 63 ਫੀਸਦੀ ਮਹਿੰਗਾਈ ਭੱਤਾ (ਡੀਏ) ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਪਿਛਲੇ ਸਾਰੇ ਬਕਾਏ ਵੀ ਜਾਰੀ ਕੀਤੇ ਜਾਣਗੇ।
Shri Anandpur Sahib(ਬਿਮਲ ਸ਼ਰਮਾ): ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪਹਿਲੇ ਹੀ ਦਿਨ ਤੋਂ ਕੇਂਦਰ ਸਰਕਾਰ ਦੀ ਤਰਜ਼ ਉਤੇ 63 ਫੀਸਦੀ ਮਹਿੰਗਾਈ ਭੱਤਾ (ਡੀਏ) ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਪਿਛਲੇ ਸਾਰੇ ਬਕਾਏ ਵੀ ਜਾਰੀ ਕੀਤੇ ਜਾਣਗੇ। ਇਹ ਐਲਾਨ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਅੱਜ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ।
ਡਾ. ਸ਼ਰਮਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਇਸ ਸਮੇਂ ਮੁਲਾਜ਼ਮਾਂ ਨੂੰ 50 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਦੇ ਅੱਠ ਫੀਸਦੀ ਡੀਏ ਦੀਆਂ ਬਕਾਇਆ ਕਿਸ਼ਤਾਂ ਵੀ ਲੰਮੇ ਸਮੇਂ ਤੋਂ ਅਦਾ ਨਹੀਂ ਕੀਤੀਆਂ ਗਈਆਂ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕੱਸਦਿਆਂ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੇ ਕਦੇ ਮੁੱਖ ਮੰਤਰੀ ਦੇ ਸਕੱਤਰੇਤ ਪਹੁੰਚਣ ’ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ।
ਅੱਜ ਉਹੀ ਮੁਲਾਜ਼ਮ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬੇਰੁਜ਼ਗਾਰ ਈਟੀਟੀ, ਜੇਬੀਟੀ ਤੇ ਬੀ.ਐੱਡ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਮਾਮਲੇ ਵਿੱਚ ਸਰਕਾਰ ਨਾਕਾਮ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਸੂਚੀ ਬਾਰੇ ਟਿੱਪਣੀ ਕਰਦਿਆਂ ਡਾ. ਸ਼ਰਮਾ ਨੇ ਕਿਹਾ ਕਿ ਇਸ ਸੂਚੀ ਵਿੱਚ ਸਿਰਫ਼ ਇੱਕ ਮੰਤਰੀ ਸੰਜੀਵ ਅਰੋੜਾ ਦਾ ਨਾਂ ਸ਼ਾਮਲ ਕੀਤਾ ਗਿਆ ਹੈ, ਜਦਕਿ ਬਾਕੀ ਮੰਤਰੀਆਂ ਨੂੰ ਥਾਂ ਨਹੀਂ ਦਿੱਤੀ ਗਈ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਆਪਣੇ ਮੰਤਰੀਆਂ ਦੀ ਕਾਰਗੁਜ਼ਾਰੀ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਸਮਾਣਾ ਅਤੇ ਪਟਿਆਲਾ ਦੇ ਪਠਾਣਮਾਜਰਾ ਨਾਲ ਸਬੰਧਤ ਵਿਧਾਇਕਾਂ ਦੇ ਅਸਤੀਫ਼ਿਆਂ ਨੇ ਪਾਰਟੀ ਅੰਦਰਲੀ ਨਾਰਾਜ਼ਗੀ ਨੂੰ ਉਜਾਗਰ ਕਰ ਦਿੱਤਾ ਹੈ।
ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਆਪਣੀ ਯੋਜਨਾ ਸਾਂਝੀ ਕਰਦਿਆਂ ਡਾ. ਸ਼ਰਮਾ ਨੇ ਦੱਸਿਆ ਕਿ ਕੇਂਦਰੀ ਸੱਭਿਆਚਾਰਕ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਹੋਈ ਮੀਟਿੰਗ ਦੌਰਾਨ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਨੰਗਲ ਨੂੰ ਜੋੜ ਕੇ ਵਿਸ਼ੇਸ਼ ਟੂਰਿਜ਼ਮ ਸਰਕਟ ਵਿਕਸਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੰਗਲ ਵਿੱਚ ਵਾਟਰ ਸਪੋਰਟਸ ਅਤੇ ਹੋਰ ਸੈਰ-ਸਪਾਟਾ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ। ਇਸ ਨਾਲ ਇਲਾਕੇ ਵਿੱਚ ਸੈਲਾਨੀਆਂ ਦੀ ਆਮਦ ਵਧੇਗੀ ਅਤੇ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਇਹ ਵੀ ਪੜ੍ਹੋ : ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ’ਚ ਪੁਲਿਸ ਨੂੰ ਵੱਡੀ ਕਾਮਯਾਬੀ; 200 ਕਿਲੋਮੀਟਰ CCTV ਫੁਟੇਜ ਖੰਗਾਲ ਕੇ ਮੁੱਖ ਸ਼ੂਟਰ ਗ੍ਰਿਫ਼ਤਾਰ!