ਮਹਿਤਾ ਥਾਣੇ ਅਧੀਨ ਪੈਂਦੇ ਜਿਮ ਦੇ ਬਾਹਰ ਹੋਈ ਅੰਨ੍ਹੇਵਾਹ ਫਾਇਰਿੰਗ, ਇਲਾਕੇ 'ਚ ਫੈਲੀ ਦਹਿਸ਼ਤ
Amritsar News : ਤੜਕੇ ਸਵੇਰੇ ਪੰਜਾਬ ਦੇ ਮਹਿਤਾ ਥਾਣਾ ਖੇਤਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਜਿਮ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ।
Amritsar News (ਭਰਤ ਸ਼ਰਮਾ): ਤੜਕੇ ਸਵੇਰੇ ਪੰਜਾਬ ਦੇ ਮਹਿਤਾ ਥਾਣਾ ਖੇਤਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ JD ਜਿਮ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।
ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਤਾ ਦੇ ਐਡੀਸ਼ਨਲ ਐਸਐਚਓ (ਅਡੀਸ਼ਨਲ ਥਾਣਾ ਇੰਚਾਰਜ) ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਲਗਭਗ 5 ਵਜੇ ਪੁਲਿਸ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਜੇ.ਡੀ. ਰੈੱਡ ਜਿੰਮ ਦੇ ਬਾਹਰ ਫਾਇਰਿੰਗ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਘਟਨਾ ਵਾਲੀ ਥਾਂ ਤੋਂ ਫਾਇਰ ਕੀਤੇ ਗਏ ਗੋਲੀਆਂ ਦੇ 3 ਖੋਲ (ਖਾਲੀ ਰੌਂਦ) ਬਰਾਮਦ ਕੀਤੇ ਗਏ ਹਨ। ਖੁਸ਼ਕਿਸਮਤੀ ਨਾਲ ਇਸ ਫਾਇਰਿੰਗ ਦੀ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਜਿੰਮ ਮਾਲਕ ਅਤੇ ਸ਼ਿਕਾਇਤਕਰਤਾ ਨੂੰ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ''ਤੇ ਹੀ ਅੱਗੇ ਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੁਰਾਣੀ ਕਿਸੇ ਰੰਜਿਸ਼ ਬਾਰੇ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਅਸਲ ਵਜ੍ਹਾ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ : ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ
ਪੁਲਿਸ ਵਲੋਂ ਦੋਸ਼ੀਆਂ ਦੀ ਪਛਾਣ ਕਰਨ ਲਈ ਜਿਮ ਦੇ ਆਸ-ਪਾਸ ਅਤੇ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੋਟੇਜ ਬਾਰੀਕੀ ਨਾਲ ਖੰਘਾਲੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦੇਖੀ ਜਾ ਰਹੀ ਹੈ, ਜਦਕਿ ਪੁਲਿਸ ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਤਤਪਰ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਿੱਚ ਵਿਆਹ ਮਗਰੋਂ ਲੜਕੀ ਦਾ ਧਰਮ ਪਰਿਵਰਤਨ ਕਰਵਾਇਆ; ਪੁਲਿਸ ਮੁਲਜ਼ਮ ਦੀ ਭਾਲ ਵਿੱਚ ਜੁਟੀ