ਲੁਧਿਆਣਾ ਦੀ ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਦਾ ਮਾਮਲਾ; ਮੁੱਖ ਚੋਣ ਅਧਿਕਾਰੀ ਨੇ ਦੱਸਿਆ ਗੁੰਮਰਾਹਕੁੰਨ ਦਾਅਵਾ
Ludhiana News: ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਦਿਖਾਈ ਦੇਣ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਾ ਬਿਆਨ ਸਾਹਮਣੇ ਆਇਆ ਹੈ।
Ludhiana News: ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਦਿਖਾਈ ਦੇਣ ਦੇ ਮਾਮਲੇ ’ਤੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਦਾ ਬਿਆਨ ਸਾਹਮਣੇ ਆਇਆ ਹੈ। ਕਮਿਸ਼ਨ ਨੇ ਇਸ ਸਬੰਧੀ ਕੀਤੇ ਜਾ ਰਹੇ ਦਾਅਵੇ ਨੂੰ ਗੁੰਮਰਾਹਕੁੰਨ ਕਰਾਰ ਦਿੱਤਾ ਹੈ। ਕਮਿਸ਼ਨ ਅਨੁਸਾਰ, ਵੋਟਰ ਸੂਚੀ ਵਿੱਚ ਇਹ ਗਲਤੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੀ ਪ੍ਰਕਿਰਿਆ ਤੋਂ ਪਹਿਲਾਂ ਮੌਜੂਦ ਸੀ, ਜਿਸ ਨੂੰ ਹੁਣ ਠੀਕ ਕਰ ਦਿੱਤਾ ਗਿਆ ਹੈ।
ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸੰਜੇ ਤਲਵਾੜ ਦਾ ਦਾਅਵਾ ਹੈ ਕਿ ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕਾ ਨੰਬਰ 60 ਦੀ ਵੋਟਰ ਸੂਚੀ ਵਿੱਚ ਭਾਗ ਨੰਬਰ 38 ਦੇ ਵੋਟਰ ਲੜੀ ਨੰਬਰ 422 ਦੇ ਸਾਹਮਣੇ ਸ਼ਹੀਦ ਭਗਤ ਸਿੰਘ ਦੀ ਫੋਟੋ ਦਿਖਾਈ ਦੇ ਰਹੀ ਸੀ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਮੁਤਾਬਕ ਇਹ ਗਲਤ ਤਸਵੀਰ ਪੁਰਾਣੀ ਵੋਟਰ ਸੂਚੀ ਵਿੱਚ ਮੌਜੂਦ ਸੀ ਅਤੇ ਇਸ ਨੂੰ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਡਰਾਫਟ ਵੋਟਰ ਸੂਚੀ ਵਿੱਚ ਵੀ ਸ਼ਾਮਲ ਕਰ ਲਿਆ ਗਿਆ ਸੀ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ SIR ਦੀ ਸੋਧ ਪ੍ਰਕਿਰਿਆ ਦੌਰਾਨ ਇਸ ਗਲਤੀ ਦਾ ਪਤਾ ਲੱਗਿਆ ਸੀ। ਇਸ ਤੋਂ ਬਾਅਦ ਇਸ ਨੂੰ ਦਰੁਸਤ ਕਰ ਦਿੱਤਾ ਗਿਆ ਹੈ। ਇਸ ਲਈ ਮੌਜੂਦਾ ਸਮੇਂ ਵਿੱਚ ਇਸ ਗਲਤੀ ਨੂੰ ਬਰਕਰਾਰ ਦੱਸਣਾ ਸਹੀ ਨਹੀਂ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, 24 ਘੰਟਿਆਂ ਅੰਦਰ ਖਾਤਿਆਂ ਵਿੱਚ ਪੈਸੇ ਪਾਉਣ ਦਾ ਦਾਅਵਾ
ਚੋਣ ਕਮਿਸ਼ਨ ਮੁਤਾਬਕ, ਸਹੀ ਫੋਟੋ ਵਾਲੀ ਅੰਤਿਮ ਵੋਟਰ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਇਹ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਕਮਿਸ਼ਨ ਦੇ ਇਸ ਬਿਆਨ ਨਾਲ ਵੋਟਰ ਸੂਚੀ ਵਿੱਚ ਸ਼ਹੀਦ ਭਗਤ ਸਿੰਘ ਦੀ ਫੋਟੋ ਹੋਣ ਸਬੰਧੀ ਚੱਲ ਰਹੇ ਦਾਅਵੇ ’ਤੇ ਸਥਿਤੀ ਸਪੱਸ਼ਟ ਹੋ ਗਈ ਹੈ।
ਇਹ ਵੀ ਪੜ੍ਹੋ : ਗੜ੍ਹੇਮਾਰੀ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ