ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਨੂੰ ਲੈ ਕੇ ਕੁਲਤਾਰ ਸਿੰਘ ਸੰਧਵਾਂ ਨੇ ਤਿਆਰੀਆਂ ਦਾ ਲਿਆ ਜਾਇਜ਼ਾ
Kultar Singh Sandhwan: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।
Kultar Singh Sandhwan: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਇਸ ਵਿਸ਼ਾਲ ਸਮਾਗਮ ਵਿੱਚ ਇੱਕ ਲੱਖ ਤੋਂ ਵੱਧ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।
ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਅਤੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਦੀਪਕ ਬਾਲੀ ਵਿਸ਼ੇਸ਼ ਤੌਰ ’ਤੇ ਮੋਗਾ ਪਹੁੰਚੇ। ਉਨ੍ਹਾਂ ਨੇ ਰੈਲੀ ਵਾਲੀ ਥਾਂ ’ਤੇ ਚੱਲ ਰਹੇ ਪ੍ਰਬੰਧਾਂ, ਪੰਡਾਲ, ਸੁਰੱਖਿਆ, ਪਾਰਕਿੰਗ ਅਤੇ ਲੋਕਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਇੰਤਜ਼ਾਮਾਂ ਦਾ ਨਿਰੀਖਣ ਕੀਤਾ। ਰੈਲੀ ਲਈ ਕਰੀਬ 116 ਏਕੜ ਜਗ੍ਹਾ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ।
ਲੋੜ ਪੈਣ ’ਤੇ ਇਸ ਦਾ ਘੇਰਾ ਹੋਰ ਵਧਾਇਆ ਜਾ ਸਕਦਾ ਹੈ। ਪੰਡਾਲ ਵਿੱਚ ਪੀਣ ਵਾਲੇ ਪਾਣੀ, ਖਾਣ-ਪੀਣ ਅਤੇ ਪਖਾਨਿਆਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 26 ਨਵੰਬਰ ਆਮ ਆਦਮੀ ਪਾਰਟੀ ਲਈ ਇਤਿਹਾਸਕ ਦਿਨ ਹੈ।
ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਬਣੀ ਇਸ ਪਾਰਟੀ ਨੇ ਦੇਸ਼ ਦੀ ਰਾਜਨੀਤੀ ਵਿੱਚ ਆਮ ਲੋਕਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਲਿਆਉਣ ਦਾ ਕੰਮ ਕੀਤਾ ਹੈ। ਸਿੱਖਿਆ, ਸਿਹਤ ਸਹੂਲਤਾਂ ਅਤੇ ਮੁਫ਼ਤ ਬਿਜਲੀ ਵਰਗੇ ਮੁੱਦਿਆਂ ਨੂੰ ਪਹਿਲ ਦੇ ਕੇ ਆਮ ਪਰਿਵਾਰਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 80 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਪਿੰਡਾਂ ਵਿੱਚ ਸੜਕਾਂ ਦਾ ਨਿਰਮਾਣ, ਸਿਹਤ ਸੇਵਾਵਾਂ ਦਾ ਵਿਸਥਾਰ ਅਤੇ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਕਈ ਕਦਮ ਚੁੱਕੇ ਗਏ ਹਨ। ਸਰਕਾਰ ਨੇ ਨਸ਼ਿਆਂ ਵਿਰੁੱਧ ਵੀ ਮੁਹਿੰਮ ਚਲਾਈ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਸੰਧਵਾਂ ਨੇ ਕਿਹਾ ਕਿ ਇਹ ਰੈਲੀ ਸਿਰਫ਼ ਪਾਰਟੀ ਦਾ ਸਥਾਪਨਾ ਦਿਵਸ ਮਨਾਉਣ ਦਾ ਸਮਾਗਮ ਨਹੀਂ, ਸਗੋਂ ਪੰਜਾਬ ਦੇ ਲੋਕਾਂ ਵੱਲੋਂ ਸਰਕਾਰ ਦੇ ਕੰਮਾਂ ਅਤੇ ਲੋਕਾਂ ਨੂੰ ਮਿਲੇ ਲਾਭਾਂ ਦਾ ਜਸ਼ਨ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਸਰਕਾਰ ਦੀ ਸਮੁੱਚੀ ਲੀਡਰਸ਼ਿਪ, ਕੈਬਨਿਟ ਮੰਤਰੀਆਂ, ਚੇਅਰਮੈਨਾਂ, ਵਿਧਾਇਕਾਂ, ਮੇਅਰਾਂ, ਪੰਚਾਂ-ਸਰਪੰਚਾਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਰਹੇਗੀ।
2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੰਜਾਬ ਦੇ ਲੋਕਾਂ ’ਤੇ ਪੂਰਾ ਭਰੋਸਾ ਹੈ ਅਤੇ ਸਰਕਾਰ ਵੱਲੋਂ ਕੀਤੇ ਕੰਮ ਹੀ ਲੋਕਾਂ ਸਾਹਮਣੇ ਰੱਖੇ ਜਾਣਗੇ। ਉਨ੍ਹਾਂ ਭਾਜਪਾ ਅਤੇ ਅਕਾਲੀ ਦਲ ਦੇ ਸੰਭਾਵਿਤ ਗਠਜੋੜ ਬਾਰੇ ਕਿਹਾ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਪਿਛਲੇ ਰਿਕਾਰਡ ਤੋਂ ਜਾਣੂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕਾਂ ਦੀ ਸੇਵਾ ਅਤੇ ਵਿਕਾਸ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ।