Sultanpur Lodhi Nagar Kirtan News: ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਸੰਤਘਟ ਸਾਹਿਬ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਉਨ੍ਹਾਂ ਨੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਆਪਣੇ ਸਿਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਾਵਨ ਸਰੂਪ ਚੁੱਕ ਕੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਅਰਦਾਸ ਵਿੱਚ ਸ਼ਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਨਤਮਸਤਕ ਹੋ ਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ।
ਇਸ ਮੌਕੇ ਮਾਹੌਲ ਪੂਰੀ ਤਰ੍ਹਾਂ ਗੁਰਮਈ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਸੰਗਤਾਂ ਵੱਲੋਂ ਸਤਿਨਾਮ ਸ੍ਰੀ ਵਾਹਿਗੁਰੂ ਦੇ ਜਾਪ ਨਾਲ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਮੌਜੂਦਗੀ ਨੇ ਸਮੁੱਚੇ ਸਮਾਗਮ ਨੂੰ ਧਾਰਮਿਕ ਰੰਗਤ ਬਖ਼ਸ਼ੀ।
ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਸਿਰਫ਼ ਇੱਕ ਧਾਰਮਿਕ ਸਮਾਗਮ ਤੱਕ ਸੀਮਤ ਨਹੀਂ, ਸਗੋਂ ਇਹ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਸਰਬੱਤ ਦੇ ਭਲੇ, ਆਪਸੀ ਪਿਆਰ, ਬਰਾਬਰਤਾ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਂਦਿਆਂ ਸਮਾਜ ਵਿੱਚ ਪਿਆਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਹੁਣ ਤੱਕ ਨਾ ਖੋਲ੍ਹੇ ਜਾਣ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਲਾਂਘਾ ਜਲਦ ਖੋਲ੍ਹਿਆ ਜਾਵੇ, ਤਾਂ ਜੋ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਇਜਲਾਸ ਦੌਰਾਨ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਮਤਾ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਸਰਕਾਰ ਨੂੰ ਜਲਦ ਹਾਂ-ਪੱਖੀ ਕਦਮ ਚੁੱਕਣੇ ਚਾਹੀਦੇ ਹਨ।