SOCIAL MEDIA

Newsletter

PARTNER SITES
भाषा चुनें राज्य चुनें

6 ਜ਼ੋਨਾਂ ਦਾ ਲੋਪੋਕੇ ਸਟੇਡੀਅਮ ਵਿੱਚ ਵੱਡਾ ਇਕੱਠ; ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚੇ ਕਿਸਾਨ

Farmers Protest Punjab News: ਅੱਜ ਲੋਪੋਕੇ ਸਟੇਡੀਅਮ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਛੇ ਜ਼ੋਨਾਂ ਦਾ ਵਿਸ਼ਾਲ ਇਕੱਠ ਹੋਇਆ।

Written By Ravinder Singh
Published: Nov 23, 2026, 15:51 IST | Updated: Nov 23, 2026, 15:55 IST
Join

Farmers Protest Punjab News: ਅੱਜ ਲੋਪੋਕੇ ਸਟੇਡੀਅਮ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਛੇ ਜ਼ੋਨਾਂ ਦਾ ਵਿਸ਼ਾਲ ਇਕੱਠ ਹੋਇਆ। ਇਸ ਇਕੱਠ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਲੈ ਕੇ ਸ਼ਮੂਲੀਅਤ ਕੀਤੀ। ਇਹ ਇਕੱਠ 7 ਦਸੰਬਰ 2026 ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦੀ ਤਿਆਰੀ ਵਜੋਂ ਕੀਤਾ ਗਿਆ।

 ਇਕੱਠ ਦੌਰਾਨ ਪੰਜਾਬ ਸਰਕਾਰ ਤੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਤ ਅਹਿਮ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦੇ ਗੰਭੀਰ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਘੱਟ ਪਾਣੀ ਦੀ ਖਪਤ ਵਾਲੀਆਂ ਪੰਜ ਫ਼ਸਲਾਂ ਮੂੰਗੀ, ਮੱਕੀ, ਆਲੂ, ਬਾਸਮਤੀ ਅਤੇ ਸਰ੍ਹੋਂ ਦੀ ਮੰਡੀਆਂ ਵਿੱਚ ਸਰਕਾਰੀ ਖ਼ਰੀਦ ਦੀ ਗਾਰੰਟੀ ਦਿੱਤੀ ਜਾਵੇ। 

ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣ ਲਈ ਸਰਕਾਰ ਤੁਰੰਤ ਠੋਸ ਨੀਤੀ ਬਣਾਵੇ। ਉਨ੍ਹਾਂ ਮੰਗ ਕੀਤੀ ਕਿ ਫ਼ਸਲਾਂ ਦੇ ਨੁਕਸਾਨ ਤੋਂ ਕਿਸਾਨਾਂ ਨੂੰ ਸੁਰੱਖਿਆ ਦੇਣ ਲਈ ਫ਼ਸਲੀ ਬੀਮਾ ਯੋਜਨਾ ਸਰਕਾਰ ਆਪਣੇ ਖ਼ਰਚੇ 'ਤੇ ਤੁਰੰਤ ਲਾਗੂ ਕਰੇ। ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਕਰਜ਼ੇ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਤੁਰੰਤ ਢੁੱਕਵੀਂ ਰਾਹਤ ਦਿੱਤੀ ਜਾਵੇ।

ਇਕੱਠ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਲਈ ਬੇਹੱਦ ਗੰਭੀਰ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਠੋਸ ਕਦਮ ਚੁੱਕੇ ਅਤੇ ਨਸ਼ਾ ਤਸਕਰਾਂ ਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲਿਆਂ ਦੇ ਗਠਜੋੜ ਨੂੰ ਖ਼ਤਮ ਕੀਤਾ ਜਾਵੇ। ਇਸ ਮੌਕੇ ਭਾਰਤ-ਅਮਰੀਕਾ ਸਮਝੌਤੇ ਸਮੇਤ ਸਾਰੇ ਮੁਕਤ ਵਪਾਰ ਸਮਝੌਤੇ (FTA) ਰੱਦ ਕਰਨ ਦੀ ਮੰਗ ਵੀ ਉਭਾਰੀ ਗਈ। ਇਸ ਤੋਂ ਇਲਾਵਾ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਸਹਿਕਾਰੀ ਐਕਟ ਰੱਦ ਕਰਨ ਦੀ ਮੰਗ ਕੀਤੀ ਗਈ।

 ਖਪਤਕਾਰਾਂ ਦੇ ਘਰਾਂ ਅੱਗੇ ਜ਼ਬਰਦਸਤੀ ਸਮਾਰਟ ਮੀਟਰ ਲਗਾਉਣੇ ਬੰਦ ਕੀਤੇ ਜਾਣ। ਆਗੂਆਂ ਨੇ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਨ੍ਹਾਂ ਕਾਨੂੰਨਾਂ ਅਤੇ ਨੀਤੀਆਂ ਵਿਰੁੱਧ ਮਤਾ ਪਾਸ ਕਰੇ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ। 7 ਦਸੰਬਰ 2026 ਨੂੰ ਚੰਡੀਗੜ੍ਹ ਵਿੱਚ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਗਿਆ।

ਅੱਜ ਦੇ ਇਸ ਵਿਸ਼ਾਲ ਇਕੱਠ ਵਿੱਚ ਛੇ ਜ਼ੋਨਾਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਅੱਜ ਦੇ ਇਕੱਠ ਵਿੱਚ ਲਖਵਿੰਦਰ ਸਿੰਘ ਡਾਲਾ ਕੁਲਜੀਤ ਸਿੰਘ ਘਨੂਪੁਰ ਕਾਲੇ ਬਾਜ਼ ਸਿੰਘ ਸਾਰੰਗੜਾ ਕੁਲਬੀਰ ਸਿੰਘ ਲੋਪੋਕੇ ਸੁਖਜਿੰਦਰ ਸਿੰਘ ਲੋਪੋਕੇ ਸ਼ਰਨਪਾਲ ਸਿੰਘ ਬੱਚੀ ਵਿੰਡ ਗੁਰਲਾਲ ਸਿੰਘ ਕੱਕੜ ਸਾਹਿਬ ਸਿੰਘ ਕੱਕੜ ਸਿੰਘ ਪ੍ਰਗਟ ਸਿੰਘ ਚੁਕਾਵਾਂ ਹਰਜੀਤ ਸਿੰਘ ਸੂਰਾ ਸੁਖਵਿੰਦਰ ਸਿੰਘ ਕੋਲੋਵਾਲ ਦਿਆਲ ਫਤਿਹ ਸਿੰਘ ਲੋਪੋਕੇ ਸਿੰਘ ਸੁਖ ਦਿਆਲ ਸਿੰਘ ਚੱਕ ਭੁਪਿੰਦਰ ਸਿੰਘ ਮਾਲੂਵਾਲ ਮੌਜੂਦ ਸਨ।

ਇਹ ਵੀ ਪੜ੍ਹੋ : Live: ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਦਾ ਹੋ ਸਕਦਾ ਗਠਜੋੜ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES