Zirakpur News: ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿੱਚ ਨਿਯਮਾਂ ਦੇ ਉਲਟ ਕੀਤੀਆਂ ਜਾ ਰਹੀਆਂ ਉਸਾਰੀਆਂ ਖ਼ਿਲਾਫ਼ ਨਗਰ ਕੌਂਸਲ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਾਰਵਾਈ ਕੀਤੀ ਹੈ। ਰਵਿੰਦਰ ਐਨਕਲੇਵ ਵਿੱਚ ਕਥਿਤ ਤੌਰ ’ਤੇ ਬਿਨਾਂ ਮਨਜ਼ੂਰੀ ਬਣਾਏ ਜਾ ਰਹੇ ਮਕਾਨਾਂ ’ਤੇ ਨਗਰ ਕੌਂਸਲ ਦੀ ਟੀਮ ਨੇ ਪੀਲਾ ਪੰਜਾ ਚਲਾਉਂਦਿਆਂ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ। ਇਸ ਕਾਰਵਾਈ ਨਾਲ ਨਿਯਮਾਂ ਦੀ ਉਲੰਘਣਾ ਕਰਕੇ ਉਸਾਰੀ ਕਰਨ ਵਾਲਿਆਂ ਵਿੱਚ ਹੜਕੰਪ ਮਚ ਗਿਆ।
ਜਾਣਕਾਰੀ ਅਨੁਸਾਰ ਰਵਿੰਦਰ ਐਨਕਲੇਵ ਵਿੱਚ ਧਾਰਾ 55 ਲਾਗੂ ਹੋਣ ਕਾਰਨ ਉਸਾਰੀ ਦੇ ਕੰਮ ’ਤੇ ਰੋਕ ਸੀ। ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਕਥਿਤ ਤੌਰ ’ਤੇ ਨਿਯਮਾਂ ਦੀ ਉਲੰਘਣਾ ਕਰਦਿਆਂ ਅਤੇ ਨਗਰ ਕੌਂਸਲ ਤੋਂ ਲੋੜੀਂਦੀ ਮਨਜ਼ੂਰੀ ਲਏ ਬਿਨਾਂ ਚੋਰੀ-ਛਿਪੇ ਮਕਾਨ ਬਣਾਏ ਜਾ ਰਹੇ ਸਨ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਕੌਂਸਲ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਨਿਯਮਾਂ ਦੇ ਉਲਟ ਹੋ ਰਹੀ ਉਸਾਰੀ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦਿੱਤਾ।
ਇਸ ਸਬੰਧੀ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਨੇ ਦੱਸਿਆ ਕਿ ਰਵਿੰਦਰ ਐਨਕਲੇਵ ਵਿੱਚ ਬਿਨ੍ਹਾਂ ਮਨਜ਼ੂਰੀ ਦੇ ਮਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਸੀ। ਇਸ ਦੇ ਮੱਦੇਨਜ਼ਰ ਨਗਰ ਕੌਂਸਲ ਵੱਲੋਂ ਕਾਰਵਾਈ ਕਰਦਿਆਂ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਅਤੇ ਲੋੜੀਂਦੀ ਮਨਜ਼ੂਰੀ ਤੋਂ ਬਿਨਾਂ ਕੀਤੀਆਂ ਜਾ ਰਹੀਆਂ ਉਸਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਨਿਯਮਾਂ ਨੂੰ ਛਿੱਕੇ ਟੰਗ ਕੇ ਉਸਾਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਗਰ ਕੌਂਸਲ ਵੱਲੋਂ ਅਜਿਹੇ ਮਾਮਲਿਆਂ ਵਿੱਚ ਅੱਗੇ ਵੀ ਕਾਰਵਾਈ ਜਾਰੀ ਰੱਖੀ ਜਾਵੇਗੀ। ਨਗਰ ਕੌਂਸਲ ਦੀ ਇਸ ਕਾਰਵਾਈ ਨੂੰ ਬਿਨਾਂ ਮਨਜ਼ੂਰੀ ਉਸਾਰੀਆਂ ਕਰਨ ਵਾਲਿਆਂ ਲਈ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਹੁਣ ਵੱਡਾ ਸਵਾਲ ਇਹ ਹੈ ਕਿ ਕੀ ਜ਼ੀਰਕਪੁਰ ਦੇ ਹੋਰ ਇਲਾਕਿਆਂ ਵਿੱਚ ਵੀ ਨਿਯਮਾਂ ਦੀ ਉਲੰਘਣਾ ਕਰਕੇ ਕੀਤੀਆਂ ਜਾ ਰਹੀਆਂ ਉਸਾਰੀਆਂ ਖ਼ਿਲਾਫ਼ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ?
ਸ਼ਹਿਰ ਵਾਸੀਆਂ ਦੀ ਨਜ਼ਰ ਹੁਣ ਨਗਰ ਕੌਂਸਲ ਦੇ ਅਗਲੇ ਕਦਮਾਂ ’ਤੇ ਟਿਕੀ ਹੋਈ ਹੈ। ਜੇਕਰ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਜਾਂਚ ਅਤੇ ਕਾਰਵਾਈ ਕੀਤੀ ਜਾਂਦੀ ਹੈ ਤਾਂ ਬਿਨਾਂ ਮਨਜ਼ੂਰੀ ਉਸਾਰੀਆਂ ਦੇ ਮਾਮਲਿਆਂ ’ਤੇ ਕਾਬੂ ਪਾਉਣ ਵਿੱਚ ਮਦਦ ਮਿਲ ਸਕਦੀ ਹੈ।