ਲਹਿਰਾਗਾਗਾ 'ਚ ਦਰਦਨਾਕ ਹਾਦਸਾ; ਮਾਂ ਨੂੰ ਬਚਾਉਣ ਆਏ 15 ਸਾਲਾ ਪੁੱਤਰ ਦੀ ਕਰੰਟ ਲੱਗਣ ਨਾਲ ਮੌਤ
Lehragaga News: ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ ਦੀ ਛੱਤ ਉੱਪਰ ਕੱਪੜੇ ਪਾਉਣ ਗਈ ਇੱਕ ਔਰਤ ਬਿਜਲੀ ਦੇ ਕਰੰਟ ਦੀ ਲਪੇਟ ਵਿੱਚ ਆ ਗਈ।
Lehragaga News: ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ ਦੀ ਛੱਤ ਉੱਪਰ ਕੱਪੜੇ ਪਾਉਣ ਗਈ ਇੱਕ ਔਰਤ ਬਿਜਲੀ ਦੇ ਕਰੰਟ ਦੀ ਲਪੇਟ ਵਿੱਚ ਆ ਗਈ। ਆਪਣੀ ਮਾਂ ਨੂੰ ਬਚਾਉਣ ਲਈ ਅੱਗੇ ਆਇਆ ਉਸਦਾ 15 ਸਾਲਾ ਪੁੱਤਰ ਵੀ ਕਰੰਟ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ, ਜਦਕਿ ਮਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਗੋਬਿੰਦ ਸਿੰਘ (15 ਸਾਲ) ਵਜੋਂ ਹੋਈ ਹੈ, ਜਦਕਿ ਉਸਦੀ ਮਾਤਾ ਪਾਲੋ ਕੌਰ (38 ਸਾਲ) ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ 14 ਵਿੱਚ ਘਰਾਂ ਦੀਆਂ ਛੱਤਾਂ ਉੱਪਰੋਂ 11 ਕੇਵੀ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪਾਲੋ ਕੌਰ ਘਰ ਦੀ ਛੱਤ ਉੱਪਰ ਕੱਪੜੇ ਪਾਉਣ ਲੱਗੀ ਤਾਂ ਇੱਕ ਕੱਪੜਾ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਿਆ, ਜਿਸ ਕਾਰਨ ਉਸਨੂੰ ਕਰੰਟ ਲੱਗ ਗਿਆ। ਮਾਂ ਨੂੰ ਮੁਸੀਬਤ ਵਿੱਚ ਦੇਖ ਕੇ ਉਸਦਾ ਪੁੱਤਰ ਗੋਬਿੰਦ ਸਿੰਘ ਉਸਨੂੰ ਬਚਾਉਣ ਲਈ ਅੱਗੇ ਵਧਿਆ, ਪਰ ਉਹ ਵੀ ਕਰੰਟ ਦੀ ਲਪੇਟ ਵਿੱਚ ਆ ਗਿਆ। ਇਸ ਹਾਦਸੇ ਤੋਂ ਬਾਅਦ ਦੋਵਾਂ ਨੂੰ ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗੋਬਿੰਦ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਸਦੀ ਮਾਂ ਦਾ ਇਲਾਜ ਜਾਰੀ ਹੈ।
ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਵਾਪਰਿਆ ਹਾਦਸਾ: ਵਾਰਡ ਵਾਸੀ
ਇਸ ਘਟਨਾ ਤੋਂ ਬਾਅਦ ਵਾਰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਾਰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਇਹ ਹਾਦਸਾ ਬਿਜਲੀ ਬੋਰਡ ਦੀ ਕਥਿਤ ਅਣਗਹਿਲੀ ਕਾਰਨ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਮਕਾਨਾਂ ਦੀਆਂ ਛੱਤਾਂ ਉੱਪਰੋਂ 11 ਕੇਵੀ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਹਨ, ਜੋ ਲੋਕਾਂ ਦੀ ਜਾਨ ਲਈ ਖ਼ਤਰਾ ਬਣੀਆਂ ਹੋਈਆਂ ਹਨ।
ਵਾਰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਗਰੀਬ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਹਾਦਸੇ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਬਿਜਲੀ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਕੌਂਸਲਰ ਬਲਵਿੰਦਰ ਕੌਰ ਨੇ ਕੀਤੀ ਮੁਆਵਜ਼ੇ ਦੀ ਮੰਗ
ਵਾਰਡ ਨੰਬਰ 14 ਦੀ ਕੌਂਸਲਰ ਬਲਵਿੰਦਰ ਕੌਰ ਉਰਫ਼ ਸੰਦੀਪ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਇੱਕ ਗਰੀਬ ਪਰਿਵਾਰ ਦਾ ਨਾਬਾਲਗ ਪੁੱਤਰ ਆਪਣੀ ਜਾਨ ਗੁਆ ਬੈਠਾ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਘਰਾਂ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨੂੰ ਸੁਰੱਖਿਅਤ ਥਾਵਾਂ ''ਤੇ ਤਬਦੀਲ ਕੀਤਾ ਜਾਵੇ।
ਗੌਰਵ ਗੋਇਲ ਨੇ ਹਸਪਤਾਲ ਪਹੁੰਚ ਕੇ ਜਾਣਿਆ ਜ਼ਖ਼ਮੀ ਔਰਤ ਦਾ ਹਾਲ
ਇਸ ਦਰਦਨਾਕ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਸਰਕਾਰੀ ਹਸਪਤਾਲ ਲਹਿਰਾਗਾਗਾ ਵਿਖੇ ਪਹੁੰਚੇ। ਉਨ੍ਹਾਂ ਜ਼ਖ਼ਮੀ ਔਰਤ ਦਾ ਹਾਲ-ਚਾਲ ਜਾਣਿਆ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਬੱਚੇ ਦੀ ਹੋ ਚੁੱਕੀ ਸੀ ਮੌਤ: ਡਾਕਟਰ ਤਲੇਸ਼
ਸਰਕਾਰੀ ਹਸਪਤਾਲ ਲਹਿਰਾਗਾਗਾ ਦੇ ਡਾਕਟਰ ਤਲੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰ ਸਮੇਂ ਕਰੰਟ ਲੱਗਣ ਕਾਰਨ ਦੋ ਮਰੀਜ਼ ਹਸਪਤਾਲ ਲਿਆਂਦੇ ਗਏ ਸਨ। ਇਨ੍ਹਾਂ ਵਿੱਚੋਂ ਕਰੀਬ 14-15 ਸਾਲਾ ਗੋਬਿੰਦ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਦਕਿ ਪਾਲੋ ਕੌਰ ਦਾ ਇਲਾਜ ਕੀਤਾ ਜਾ ਰਿਹਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਦੂਜੇ ਪਾਸੇ ਏਐੱਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਸਥਾਨ ''ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਹਾਦਸੇ ਨੇ ਰਿਹਾਇਸ਼ੀ ਇਲਾਕਿਆਂ ਵਿੱਚ ਘਰਾਂ ਦੀਆਂ ਛੱਤਾਂ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।