SOCIAL MEDIA

Newsletter

PARTNER SITES
भाषा चुनें राज्य चुनें

ਸੁਲਤਾਨਪੁਰ ਲੋਧੀ ’ਚ ਦਰਦਨਾਕ ਸੜਕ ਹਾਦਸਾ; ਪੁੱਤਰ ਤੋਂ ਬਾਅਦ ਪਿਤਾ ਦੀ ਵੀ ਮੌਤ!

Sultanpur Lodhi Accident: ਸੁਲਤਾਨਪੁਰ ਲੋਧੀ ਦੇ ਪਿੰਡ ਦੁਰਗਾਪੁਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਨੇ ਇੱਕ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਕੇ ਰੱਖ ਦਿੱਤੀਆਂ।

Written By Ravinder Singh
Published: Oct 25, 2026, 10:32 AM IST | Updated: Oct 25, 2026, 10:41 AM IST
Join

Sultanpur Lodhi Accident: ਸੁਲਤਾਨਪੁਰ ਲੋਧੀ ਦੇ ਪਿੰਡ ਦੁਰਗਾਪੁਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਨੇ ਇੱਕ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਕੇ ਰੱਖ ਦਿੱਤੀਆਂ। ਮੋਟਰਸਾਈਕਲ ਅਤੇ ਕੰਬਾਈਨ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ ਵਿੱਚ ਪਹਿਲਾਂ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ, ਜਦਕਿ ਗੰਭੀਰ ਜ਼ਖ਼ਮੀ ਹੋਏ ਉਸ ਦੇ ਪਿਤਾ ਨੇ ਵੀ ਦੇਰ ਰਾਤ ਇਲਾਜ ਦੌਰਾਨ ਦਮ ਤੋੜ ਦਿੱਤਾ। 

ਇਸ ਦਰਦਨਾਕ ਘਟਨਾ ਵਿੱਚ ਪਿਓ-ਪੁੱਤ ਦੋਵਾਂ ਦੀ ਮੌਤ ਹੋਣ ਕਾਰਨ ਪਿੰਡ ਦੁਰਗਾਪੁਰ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਛਾਣ ਰਾਜਵਿੰਦਰ ਸਿੰਘ (25) ਅਤੇ ਉਸ ਦੇ ਪਿਤਾ ਬਲਵਿੰਦਰ ਸਿੰਘ, ਵਾਸੀ ਪਿੰਡ ਦੁਰਗਾਪੁਰ ਵਜੋਂ ਹੋਈ ਹੈ। 

ਦੱਸਿਆ ਜਾ ਰਿਹਾ ਹੈ ਕਿ ਪਿਓ-ਪੁੱਤ ਦੋਵੇਂ ਪਿੰਡ ਭਾਣੋ ਲੰਗਾ ਦੇ ਅੱਡੇ ’ਤੇ ਹੇਅਰ ਸਲੂਨ ਦੀ ਦੁਕਾਨ ਕਰਦੇ ਸਨ। ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਨ ਤੋਂ ਬਾਅਦ ਦੋਵੇਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਦੁਰਗਾਪੁਰ ਵਾਪਸ ਪਰਤ ਰਹੇ ਸਨ। ਪਰ ਘਰ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿੱਚ ਉਨ੍ਹਾਂ ਨਾਲ ਇਹ ਭਿਆਨਕ ਹਾਦਸਾ ਵਾਪਰ ਗਿਆ।

ਕੰਬਾਈਨ ਨਾਲ ਹੋਈ ਭਿਆਨਕ ਟੱਕਰ, ਪੁੱਤਰ ਦੀ ਮੌਕੇ ’ਤੇ ਮੌਤ
ਜਾਣਕਾਰੀ ਮੁਤਾਬਕ, ਪਿੰਡ ਦੁਰਗਾਪੁਰ ਵਿਖੇ ਉਨ੍ਹਾਂ ਦੇ ਮੋਟਰਸਾਈਕਲ ਦੀ ਕੰਬਾਈਨ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪਿਓ-ਪੁੱਤ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ 25 ਸਾਲਾ ਰਾਜਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਬਲਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਪੁੱਤਰ ਦੀ ਮੌਤ ਤੋਂ ਬਾਅਦ ਪਿਤਾ ਨੇ ਵੀ ਤੋੜਿਆ ਦਮ
ਹਾਦਸੇ ਤੋਂ ਬਾਅਦ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਬਲਵਿੰਦਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਸੀ। ਇਸ ਦੌਰਾਨ ਦੇਰ ਰਾਤ ਇਲਾਜ ਅਧੀਨ ਉਨ੍ਹਾਂ ਦੀ ਵੀ ਮੌਤ ਹੋ ਗਈ। ਇੱਕ ਪਾਸੇ ਜਵਾਨ ਪੁੱਤਰ ਦੀ ਮੌਤ ਦਾ ਦੁੱਖ ਅਤੇ ਦੂਜੇ ਪਾਸੇ ਪਿਤਾ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। 

ਜਿਹੜੇ ਪਿਓ-ਪੁੱਤ ਰੋਜ਼ੀ-ਰੋਟੀ ਕਮਾਉਣ ਤੋਂ ਬਾਅਦ ਇਕੱਠੇ ਆਪਣੇ ਘਰ ਵਾਪਸ ਪਰਤ ਰਹੇ ਸਨ, ਉਨ੍ਹਾਂ ਨੂੰ ਕੀ ਪਤਾ ਸੀ ਕਿ ਇਹ ਸਫ਼ਰ ਉਨ੍ਹਾਂ ਦੇ ਪਰਿਵਾਰ ਲਈ ਕਦੇ ਨਾ ਭੁੱਲਣ ਵਾਲਾ ਦੁਖਾਂਤ ਬਣ ਜਾਵੇਗਾ। ਇਸ ਹਾਦਸੇ ਨੇ ਪਰਿਵਾਰ ਤੋਂ ਦੋ ਕੀਮਤੀ ਜਾਨਾਂ ਖੋਹ ਲਈਆਂ ਹਨ। ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਪੁਲਿਸ ਨੇ ਦੋਵੇਂ ਵਾਹਨ ਕਬਜ਼ੇ ’ਚ ਲਏ, ਕੰਬਾਈਨ ਚਾਲਕ ਦੀ ਭਾਲ
ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ, ਕੰਬਾਈਨ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਕੰਬਾਈਨ ਨੰਬਰ PB08BT8493 ਅਤੇ ਮੋਟਰਸਾਈਕਲ ਨੰਬਰ PB09F3437 ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। 

ਪੁਲਿਸ ਵੱਲੋਂ ਦੱਸਿਆ ਗਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਕੰਬਾਈਨ ਚਾਲਕ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਭਾਰੀ ਖੇਤੀਬਾੜੀ ਮਸ਼ੀਨਰੀ ਦੀ ਆਵਾਜਾਈ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉੱਧਰ, ਇੱਕੋ ਪਰਿਵਾਰ ਦੇ ਪਿਓ-ਪੁੱਤ ਦੀ ਮੌਤ ਨੇ ਪਿੰਡ ਦੁਰਗਾਪੁਰ ਨੂੰ ਗਮਗੀਨ ਕਰ ਦਿੱਤਾ ਹੈ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES