Punjab Congress News: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਪਰਿਵਾਰ ਵਿੱਚ ਕਈ ਨਵੇਂ ਚਿਹਰੇ ਸ਼ਾਮਲ ਕੀਤੇ ਗਏ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪ੍ਰਗਟ ਸਿੰਘ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਮੌਜੂਦ ਰਹੇ।
ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਰਮਜੀਤ ਸਿੰਘ ਸਿੱਧਵਾਂ ਦਾ ਨਾਮ ਅਹਿਮ ਹੈ, ਜਿਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ। ਹਾਲਾਂਕਿ 2020 ਵਿੱਚ ਇਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਇਸ ਤੋਂ ਪਹਿਲਾਂ ਉਹ ਉਪ ਮੁੱਖ ਦੇ ਸਿਆਸੀ ਸਕੱਤਰ ਰਹਿ ਚੁੱਕੇ ਸਨ।
ਇਸ ਤੋਂ ਇਲਾਵਾ ਰੂਪ ਕੌਰ ਬਾਗੜੀਆ ਨੇ ਵੀ ਕਾਂਗਰਸ ਦਾ ਹੱਥ ਫੜ੍ਹਿਆ। ਪਵਨ ਸਿੰਘ ਨੇ ਸੀਪੀਆਈ ਛੱਡ ਕੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ, ਜਦਕਿ ਕੈਪਟਨ ਆਰ.ਐੱਸ. ਪਠਾਨੀਆ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਸਾਰਿਆਂ ਨੂੰ ਚਰਨਜੀਤ ਸਿੰਘ ਚੰਨੀ, ਪ੍ਰਗਟ ਸਿੰਘ ਅਤੇ ਡਾ. ਅਮਰ ਸਿੰਘ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਅਕਾਲੀ-ਭਾਜਪਾ ਗਠਜੋੜ 'ਤੇ ਪ੍ਰਗਟ ਸਿੰਘ ਦਾ ਹਮਲਾ
ਇਸ ਮੌਕੇ ਪ੍ਰਗਟ ਸਿੰਘ ਨੇ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਬੇਹੱਦ ਕਮਜ਼ੋਰ ਹੈ ਤੇ ਉਨ੍ਹਾਂ ਨੇ ਗਠਜੋੜ ਨੂੰ ਲੈ ਕੇ ਮਾੜੀ ਰਣਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਿਸ ਵੀ ਖੇਤਰੀ ਪਾਰਟੀ ਨਾਲ ਗਠਜੋੜ ਕਰਦੀ ਹੈ, ਉਸ ਨੂੰ ਹੌਲੀ-ਹੌਲੀ ਖਤਮ ਕਰ ਦਿੰਦੀ ਹੈ। ਭਾਜਪਾ ਪੰਜਾਬ ਵਿੱਚ ਜਿਸ ਤਰ੍ਹਾਂ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੀ ਹੈ, ਉਸ ਦੇ ਨਤੀਜਿਆਂ ਬਾਰੇ ਅਕਾਲੀ ਦਲ ਨੂੰ ਸੋਚਣਾ ਚਾਹੀਦਾ ਹੈ।
ਪ੍ਰਗਟ ਸਿੰਘ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਲੁੱਟਣ ਲਈ ਈਸਟ ਇੰਡੀਆ ਕੰਪਨੀ ਵਾਂਗ ਸਿੱਧੇ ਤੌਰ 'ਤੇ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਇਨ੍ਹਾਂ ਤਾਕਤਾਂ ਦਾ ਮੁਕਾਬਲਾ ਕਰੇਗੀ ਅਤੇ 2027 ਵਿੱਚ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ 'ਤੇ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕ ਨਿਰਾਸ਼ ਹੋਏ ਹਨ ਅਤੇ ਇਹ ਗਠਜੋੜ ਪਹਿਲਾਂ ਹੀ ਹੋ ਚੁੱਕਾ ਸੀ, ਸਿਰਫ਼ ਇਸ ਦਾ ਐਲਾਨ ਹੁਣ ਕੀਤਾ ਗਿਆ ਹੈ।
ਸੁਨੀਲ ਜਾਖੜ ਤੇ ਭਾਜਪਾ 'ਤੇ ਵੀ ਸਵਾਲ
ਪ੍ਰਗਟ ਸਿੰਘ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਹਿੰਦੂ ਹੋਣ ਦੇ ਬਾਵਜੂਦ ਮੁੱਖ ਮੰਤਰੀ ਦਾ ਚਿਹਰਾ ਨਹੀਂ ਬਣਾਇਆ, ਜਦਕਿ ਅਕਾਲੀ ਦਲ ਦੇ ਆਗੂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਰਾਜ ਸਭਾ ਵਿੱਚ ਵੀ ਨਹੀਂ ਭੇਜਿਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਆਰਐੱਸਐੱਸ ਨੂੰ ਪੰਜਾਬ ਰੜਕਦਾ ਹੈ ਅਤੇ ਭਾਜਪਾ ਦਲਿਤ ਵਰਗ ਨੂੰ ਵੀ ਪਸੰਦ ਨਹੀਂ ਕਰਦੀ।
ਡਾ. ਅਮਰ ਸਿੰਘ ਨੇ ਅਕਾਲੀ ਦਲ ਨੂੰ ਘੇਰਿਆ
ਡਾ. ਅਮਰ ਸਿੰਘ ਨੇ ਅਕਾਲੀ ਦਲ ਨੂੰ ਪੰਜਾਬ ਦੇ ਮੁੱਦਿਆਂ 'ਤੇ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲਾਂ ਡੀਐੱਨਏ ਟੈਸਟ ਕਰਵਾਉਣ ਦੀ ਦਿੱਤੀ ਗਈ ਟਿੱਪਣੀ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਹੁਣ ਉਹ ਕਿਸ ਦਾ ਡੀਐੱਨਏ ਟੈਸਟ ਕਰਵਾਉਣਗੇ। ਉਨ੍ਹਾਂ ਆਮ ਆਦਮੀ ਪਾਰਟੀ ''ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ''ਆਪ'' ਲੋਕਾਂ ਵਿੱਚ ਇਹ ਡਰ ਪੈਦਾ ਕਰ ਰਹੀ ਹੈ ਕਿ ਸਰਕਾਰ ਬਦਲਣ ਨਾਲ ਲੋਕ ਭਲਾਈ ਦੀਆਂ ਸਕੀਮਾਂ ਬੰਦ ਹੋ ਜਾਣਗੀਆਂ, ਜਦਕਿ ਅਜਿਹਾ ਨਹੀਂ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਸਰਕਾਰ ਬਣਨ ''ਤੇ ਲੋਕ ਹਿੱਤ ਦੀ ਕੋਈ ਵੀ ਸਕੀਮ ਬੰਦ ਨਹੀਂ ਕੀਤੀ ਜਾਵੇਗੀ ਅਤੇ ਅਧੂਰੀਆਂ ਸਕੀਮਾਂ ਨੂੰ ਪੂਰਾ ਕੀਤਾ ਜਾਵੇਗਾ।
'ਆਪ' ਦੇ 10 ਵਿਧਾਇਕ ਸਾਡੇ ਸੰਪਰਕ ਵਿੱਚ
ਪਾਰਟੀ ਵਿੱਚ ਨਵੀਆਂ ਸ਼ਮੂਲੀਅਤਾਂ ਬਾਰੇ ਗੱਲ ਕਰਦਿਆਂ ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 10 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇੰਡੀਆ ਗਠਜੋੜ ਨੂੰ ਲੈ ਕੇ ਵੀ ਗੱਲਬਾਤ ਚੱਲ ਰਹੀ ਹੈ।