Faridkot News: ਫਰੀਦਕੋਟ ਦੇ ਪਿੰਡ ਪੱਕਾ ਵਿੱਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਨਸ਼ਿਆਂ ਕਾਰਨ 30 ਤੋਂ 35 ਨੌਜਵਾਨਾਂ ਦੀ ਮੌਤ ਹੋਣ ਦੇ ਦਾਅਵੇ ਵਾਲੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ। ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਪਿੰਡ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ।
ਹਾਲਾਂਕਿ, ਪੁਲਿਸ ਨੇ ਵੀਡੀਓ ਵਿੱਚ ਕੀਤੇ ਗਏ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਜਾਣਕਾਰੀ ਅਨੁਸਾਰ ਪਿੰਡ ਪੱਕਾ ਦੇ ਰਹਿਣ ਵਾਲੇ ਧਰਮਪਾਲ ਨਾਮਕ ਕੈਂਟਰ ਚਾਲਕ ਨੇ ਸੋਸ਼ਲ ਮੀਡੀਆ ਉਤੇ ਵੀਡੀਓ ਵਾਇਰਲ ਕਰਕੇ ਦਾਅਵਾ ਕੀਤਾ ਸੀ ਕਿ ਪਿੰਡ ਵਿੱਚ ਨਸ਼ਿਆਂ ਦੀ ਖੁੱਲ੍ਹੇਆਮ ਵਿਕਰੀ ਹੋ ਰਹੀ ਹੈ ਅਤੇ ਹੁਣ ਤੱਕ ਕੁਇੰਟਲਾਂ ਦੇ ਹਿਸਾਬ ਨਾਲ ਨਸ਼ਾ ਵਿਕ ਚੁੱਕਾ ਹੈ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਨਸ਼ਿਆਂ ਕਾਰਨ ਪਿੰਡ ਦੇ 30 ਤੋਂ 35 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਪਿੰਡ ਪੱਕਾ ਪਹੁੰਚੀ ਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ। ਪੁਲਿਸ ਟੀਮ ਵੀਡੀਓ ਵਾਇਰਲ ਕਰਨ ਵਾਲੇ ਨੌਜਵਾਨ ਦੇ ਘਰ ਵੀ ਪਹੁੰਚੀ ਪਰ ਪਤਾ ਲੱਗਾ ਕਿ ਉਹ ਕੈਂਟਰ ਚਾਲਕ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਕੈਂਟਰ ਲੈ ਕੇ ਬਾਹਰ ਗਿਆ ਹੋਇਆ ਹੈ।
ਇਸ ਸਬੰਧੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪਿੰਡ ਪੱਕਾ ਵਿੱਚ ਪੁਲਿਸ ਵੱਲੋਂ ਸਮੇਂ-ਸਮੇਂ ਉਤੇ ਸਰਚ ਮੁਹਿੰਮ ਚਲਾਈ ਜਾਂਦੀ ਰਹੀ ਹੈ। ਸੋਸ਼ਲ ਮੀਡੀਆ ਉਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵੀ ਪੁਲਿਸ ਟੀਮ ਨੇ ਪਿੰਡ ਵਿੱਚ ਪਹੁੰਚ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਪੱਕਾ ਵਿੱਚ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਹੁਣ ਤੱਕ 11 ਮਾਮਲੇ ਦਰਜ ਕੀਤੇ ਗਏ ਹਨ ਅਤੇ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਡੀਐਸਪੀ ਨੇ ਵੀਡੀਓ ਵਿੱਚ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਦੇ ਯਤਨਾਂ ਸਦਕਾ ਪਿੰਡ ਲਗਭਗ 60 ਤੋਂ 70 ਫ਼ੀਸਦੀ ਤੱਕ ਨਸ਼ਾ ਮੁਕਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਦੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਡੀਐਸਪੀ ਨੇ ਇਹ ਵੀ ਕਿਹਾ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਹੈ ਕਿ ਵੀਡੀਓ ਵਾਇਰਲ ਕਰਨ ਵਾਲਾ ਨੌਜਵਾਨ ਖ਼ੁਦ ਵੀ ਨਸ਼ੇ ਦਾ ਆਦੀ ਹੈ।