SOCIAL MEDIA

Newsletter

PARTNER SITES
भाषा चुनें राज्य चुनें

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ; SGPC ਸਕੱਤਰ ਕੁਲਵੰਤ ਸਿੰਘ ਮਨਨ ਨੇ ਦਿੱਤੀ ਜਾਣਕਾਰੀ

Amritsar News: ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ 27 ਤਾਰੀਖ ਨੂੰ ਦੁਨੀਆ ਭਰ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

Written By Ravinder Singh
Published: Oct 20, 2026, 02:57 PM IST | Updated: Oct 20, 2026, 03:01 PM IST
Join

Amritsar News: ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ 27 ਤਾਰੀਖ ਨੂੰ ਦੁਨੀਆ ਭਰ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਇਸ ਇਤਿਹਾਸਕ ਪੁਰਬ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਕੁਲਵੰਤ ਸਿੰਘ ਮਨਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਅਤੇ ਸੰਗਤ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

26 ਤਾਰੀਖ ਨੂੰ ਰਵਾਇਤੀ ਰਸਤਿਆਂ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
ਐਸਜੀਪੀਸੀ ਸਕੱਤਰ ਕੁਲਵੰਤ ਸਿੰਘ ਮਨਨ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 26 ਤਾਰੀਖ ਨੂੰ ਅੰਮ੍ਰਿਤਸਰ ਦੇ ਪੁਰਾਣੇ ਸ਼ਹਿਰ ਦੇ ਰਵਾਇਤੀ ਰਸਤਿਆਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੇ ਸਵਾਗਤ ਲਈ ਥਾਂ-ਥਾਂ ਸੰਗਤ ਵੱਲੋਂ ਲੰਗਰ ਅਤੇ ਜਲ ਛਕਾਉਣ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 27 ਤਾਰੀਖ ਨੂੰ ਮੁੱਖ ਪ੍ਰਕਾਸ਼ ਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ, ਆਤਿਸ਼ਬਾਜ਼ੀ, ਅਖੰਡ ਪਾਠ ਸਾਹਿਬ, ਕਥਾ ਅਤੇ ਗੁਰਬਾਣੀ ਕੀਰਤਨ ਦੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸੰਗਤ ਦੇ ਦਰਸ਼ਨਾਂ ਲਈ ਪਵਿੱਤਰ ਜਲੌਅ ਵੀ ਸਜਾਇਆ ਜਾਵੇਗਾ।

ਕੁਲਵੰਤ ਸਿੰਘ ਮਨਨ ਨੇ ਦੱਸਿਆ ਕਿ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਕਾਸ਼ ਪੁਰਬ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਲਈ ਲੰਗਰ ਅਤੇ ਪ੍ਰਸ਼ਾਦੇ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਤ ਬਾਬਾ ਜੀਤ ਸਿੰਘ ਜੀ ਹੰਸਾਲੀ ਵਾਲੇ, ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਅਤੇ ਬਾਬਾ ਸਤਨਾਮ ਸਿੰਘ ਜੀ ਆਨੰਦਗੜ੍ਹ ਵਾਲਿਆਂ ਸਮੇਤ ਵੱਖ-ਵੱਖ ਧਾਰਮਿਕ ਮਹਾਂਪੁਰਖਾਂ ਵੱਲੋਂ ਲੰਗਰ, ਲੱਡੂ ਪ੍ਰਸ਼ਾਦੇ ਅਤੇ ਹੋਰ ਸੇਵਾਵਾਂ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਸੜਕਾਂ ਦੇ ਨਿਰਮਾਣ ਅਤੇ ਸਫ਼ਾਈ ਪ੍ਰਬੰਧਾਂ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ SGPC ਸਕੱਤਰ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ, ਸੰਯੁਕਤ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਬਾਬਾ ਦੀਪ ਸਿੰਘ ਜੀ ਮਾਰਗ ਅਤੇ ਸੁਲਤਾਨਵਿੰਡ ਮਾਰਗ ਸਮੇਤ ਮੁੱਖ ਰਸਤਿਆਂ ਅਤੇ ਸੜਕਾਂ ਦੇ ਸੁੰਦਰੀਕਰਨ ਤੇ ਮੁੜ ਨਿਰਮਾਣ ਦਾ ਕੰਮ ਜਲਦ ਪੂਰਾ ਕਰ ਲਿਆ ਜਾਵੇਗਾ। ਇਸ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੰਗਤ ਨੂੰ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਦਿੱਕਤ ਤੋਂ ਬਚਾਉਣ ਵਿੱਚ ਮਦਦ ਮਿਲੇਗੀ। 

ਸੰਗਤ ਦੇ ਠਹਿਰਨ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਮਨਨ ਨੇ ਦੱਸਿਆ ਕਿ SGPC ਦੀਆਂ ਸਾਰੀਆਂ ਸਰਾਵਾਂ ਨੂੰ ਸੰਗਤ ਦੀ ਸੇਵਾ ਲਈ ਸਮਰਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਥਾਨਕ ਹੋਟਲ ਮਾਲਕਾਂ ਨੇ ਵੀ ਆਪਣੀ ਸਮਰੱਥਾ ਅਨੁਸਾਰ ਕਮਰੇ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਅੰਤ ਵਿੱਚ SGPC ਸਕੱਤਰ ਕੁਲਵੰਤ ਸਿੰਘ ਮਨਨ ਨੇ ਦੇਸ਼-ਵਿਦੇਸ਼ ਦੀ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਣ, ਗੁਰਬਾਣੀ ਕੀਰਤਨ ਦਾ ਆਨੰਦ ਮਾਣਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਤੇ ਅਸੀਸਾਂ ਪ੍ਰਾਪਤ ਕਰਨ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES