Batala Priest Murder(ਨਿਤਿਨ ਲੂਥਰਾ): ਬਟਾਲਾ ਦੇ ਗਾਂਧੀ ਕੈਂਪ ਇਲਾਕੇ ਵਿੱਚ ਇੱਕ ਪਾਸਟਰ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਾਸਟਰ ਬਲਵਿੰਦਰ ਪਾਲ ਉਰਫ਼ ਲਾਡੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬਲਵਿੰਦਰ ਪਾਲ ਆਪਣੇ ਘਰ ਵਿੱਚ ਹੀ ਚਰਚ ਚਲਾਉਂਦਾ ਸੀ ਅਤੇ ਲੋਕ ਧਾਰਮਿਕ ਗਤੀਵਿਧੀਆਂ ਲਈ ਉਸ ਕੋਲ ਆਉਂਦੇ ਸਨ।
ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਸਵੇਰੇ ਕੁਝ ਵਿਅਕਤੀ ਬਲਵਿੰਦਰ ਪਾਲ ਦੇ ਘਰ ਪਹੁੰਚੇ। ਇਸ ਦੌਰਾਨ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਅਤੇ ਹੋਰ ਲੋਕ ਉਸ ਨੂੰ ਇਲਾਜ ਲਈ ਬਟਾਲਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਬਲਵਿੰਦਰ ਪਾਲ ਇਕੱਲਾ ਹੀ ਆਪਣੇ ਘਰ ਵਿੱਚ ਰਹਿੰਦਾ ਸੀ ਅਤੇ ਉੱਥੇ ਹੀ ਚਰਚ ਚਲਾਉਂਦਾ ਸੀ। ਉਸ ਕੋਲ ਇਲਾਕੇ ਦੇ ਲੋਕ ਧਾਰਮਿਕ ਸੇਵਾ ਅਤੇ ਪ੍ਰਾਰਥਨਾ ਲਈ ਆਉਂਦੇ ਸਨ। ਪਰਿਵਾਰ ਮੁਤਾਬਕ ਉਸ ਦੀ ਕਿਸੇ ਨਾਲ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ। ਇਸ ਦੇ ਬਾਵਜੂਦ ਕਿਸੇ ਵਿਅਕਤੀ ਵੱਲੋਂ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦੀ ਜਾਨ ਲੈ ਲਈ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗਾਂਧੀ ਕੈਂਪ ਵਾਸੀ ਪਾਸਟਰ ਬਲਵਿੰਦਰ ਪਾਲ ’ਤੇ ਹਮਲੇ ਦੀ ਸੂਚਨਾ ਮਿਲੀ ਸੀ। ਹਸਪਤਾਲ ਵਿੱਚ ਜਾਂਚ ਦੌਰਾਨ ਉਸ ਦੀ ਮੌਤ ਹੋਣ ਦੀ ਪੁਸ਼ਟੀ ਹੋਈ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਗਾਂਧੀ ਕੈਂਪ ਦੇ ਰਹਿਣ ਵਾਲੇ ਨਰੇਸ਼ ਨਾਮਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।