ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਗੈਂਗਸਟਰ ਤੇ ਅੱਤਵਾਦੀ ਨੈਟਵਰਕ ਖਿਲਾਫ਼ 95 ਹਜ਼ਾਰ ਤੋਂ ਵਧ ਮਾਮਲੇ ਕੀਤੇ ਦਰਜ
Punjab Police News: ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਾਂ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
Punjab Police News: ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਾਂ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਮਾਰਚ 2022 ਤੋਂ ਹੁਣ ਤੱਕ ਦੀ ਕਾਰਵਾਈ ਦੇ ਅੰਕੜੇ ਸਾਂਝੇ ਕਰਦਿਆਂ ਦਾਅਵਾ ਕੀਤਾ ਹੈ ਕਿ ਐਨਡੀਪੀਐਸ ਐਕਟ ਤਹਿਤ 95 ਹਜ਼ਾਰ ਤੋਂ ਵੱਧ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਲੱਖ 27 ਹਜ਼ਾਰ ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 7,200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕਰਨ ਅਤੇ 902 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼ ਕਰਨ ਦੀ ਵੀ ਜਾਣਕਾਰੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ’ਤੇ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ਨੂੰ ਮੁੜ ਵਿਕਸਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਤੇ ਵੀ ਧਿਆਨ ਦਿੱਤਾ ਜਾਵੇਗਾ।
ਪੰਜਾਬ ਪੁਲਿਸ ਮੁਤਾਬਕ, ਮਾਰਚ 2022 ਤੋਂ ਹੁਣ ਤੱਕ ਐਨਡੀਪੀਐਸ ਐਕਟ ਤਹਿਤ 95 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇੱਕ ਲੱਖ 27 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਇਸ ਸਮੇਂ ਦੌਰਾਨ 7,200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਨੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਅੰਕੜਿਆਂ ਅਨੁਸਾਰ, ਐਨਡੀਪੀਐਸ ਐਕਟ ਤਹਿਤ 902 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼ ਕੀਤੀ ਗਈ ਹੈ, ਜਿਸ ਨੂੰ ਪੰਜਾਬ ਪੁਲਿਸ ਵੱਲੋਂ ਦੇਸ਼ ਵਿੱਚ ਸਭ ਤੋਂ ਉੱਚਾ ਅੰਕੜਾ ਦੱਸਿਆ ਗਿਆ ਹੈ।
ਇਸ ਤੋਂ ਇਲਾਵਾ, ਪੰਜਾਬ ਪੁਲਿਸ ਨੇ ਐਨਡੀਪੀਐਸ ਮਾਮਲਿਆਂ ਵਿੱਚ 90 ਫ਼ੀਸਦੀ ਕਨਵਿਕਸ਼ਨ ਰੇਟ ਹੋਣ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ, ਨਸ਼ਾ ਤਸਕਰੀ ਦੇ ਵੱਡੇ ਮਗਰਮੱਛਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਕਾਰੋਬਾਰ ਨੂੰ ਵਿੱਤੀ ਮਦਦ ਦੇਣ ਵਾਲੇ ਨੈੱਟਵਰਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਤਾਂ ਜੋ ਨਸ਼ਾ ਤਸਕਰੀ ਦੀ ਪੂਰੀ ਵਿੱਤੀ ਲੜੀ ਨੂੰ ਤੋੜਿਆ ਜਾ ਸਕੇ।
ਨਸ਼ਾ ਪ੍ਰਭਾਵਿਤ ਇਲਾਕਿਆਂ ਲਈ 60 ਦਿਨਾਂ ਦਾ ਮਿਸ਼ਨ
ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 60 ਦਿਨਾਂ ਦੀ ਮਿਸ਼ਨ ਮੋਡ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰਾਂ, ਐੱਸਐੱਸਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਯੋਜਨਾ ਵਿੱਚ ਪੁਲਿਸ ਦੇ ਨਾਲ-ਨਾਲ ਸਿਹਤ, ਸਿੱਖਿਆ ਅਤੇ ਖੇਡ ਵਿਭਾਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸਭ ਤੋਂ ਪਹਿਲਾਂ ਨਸ਼ਾ ਪ੍ਰਭਾਵਿਤ ਹੌਟਸਪੌਟਸ ਦੀ ਪਛਾਣ ਕਰਕੇ ਉੱਥੇ ਨਸ਼ਾ ਵੇਚਣ ਵਾਲਿਆਂ ਅਤੇ ਸਪਲਾਈ ਕਰਨ ਵਾਲੇ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹਰ ਹੌਟਸਪੌਟ ਲਈ ਪੁਲਿਸ ਵਿਭਾਗ ਵੱਲੋਂ ਇੱਕ ਨਿਰਧਾਰਤ ਅਧਿਕਾਰੀ ਅਤੇ ਦੂਜੇ ਸਿਵਲ ਵਿਭਾਗ ਵੱਲੋਂ ਇੱਕ ਅਧਿਕਾਰੀ ਤਾਇਨਾਤ ਕਰਨ ਦੀ ਯੋਜਨਾ ਹੈ।
ਸਰਕਾਰ ਦੀ ਯੋਜਨਾ ਸਿਰਫ਼ ਗ੍ਰਿਫ਼ਤਾਰੀਆਂ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਸੀਮਿਤ ਨਹੀਂ ਹੈ। ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਖੇਡ ਮੈਦਾਨ ਬਣਾਉਣ, ਸਟਰੀਟ ਲਾਈਟਾਂ ਲਗਾਉਣ ਅਤੇ ਸੀਸੀਟੀਵੀ ਕੈਮਰੇ ਲਗਾਉਣ ਵਰਗੇ ਕਦਮ ਵੀ ਚੁੱਕੇ ਜਾਣਗੇ। ਇਸ ਦੇ ਨਾਲ ਹੀ ਨਸ਼ਾ ਛੁਡਾਊ ਇਲਾਜ, ਮੁੜ ਵਸੇਬੇ ਅਤੇ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।
ਗੈਂਗਸਟਰਾਂ ਖ਼ਿਲਾਫ਼ ਪੰਜਾਬ ਪੁਲਿਸ ਦੀ ਮੁਹਿੰਮ
ਦੂਜੇ ਪਾਸੇ, ਪੰਜਾਬ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ ਵੀ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਜਨਵਰੀ 2026 ਤੋਂ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਪੁਲਿਸ ਨੇ ਕਈ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਕਰਨ ਦਾ ਦਾਅਵਾ ਕੀਤਾ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ 6 ਅਪ੍ਰੈਲ 2022 ਨੂੰ ਬਣਾਈ ਗਈ ਸੀ। ਪੁਲਿਸ ਵੱਲੋਂ ਸਾਂਝੇ ਕੀਤੇ ਅੰਕੜਿਆਂ ਮੁਤਾਬਕ, ਇਸ ਦੇ ਗਠਨ ਤੋਂ ਬਾਅਦ ਹੁਣ ਤੱਕ ਵੱਖ-ਵੱਖ ਸੰਗਠਿਤ ਅਪਰਾਧਿਕ ਗਿਰੋਹਾਂ ਦੇ 3,526 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ, 1,288 ਗੈਂਗਸਟਰ ਮੋਡਿਊਲਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ 2,507 ਹਥਿਆਰ ਅਤੇ 752 ਵਾਹਨ ਬਰਾਮਦ ਕਰਨ ਦੀ ਜਾਣਕਾਰੀ ਵੀ ਦਿੱਤੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੌਰਾਨ ਸਿਰਫ਼ ਅਪਰਾਧ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪੂਰੇ ਨੈੱਟਵਰਕ, ਵਿੱਤੀ ਸਰੋਤਾਂ ਅਤੇ ਮਦਦਗਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੋੜਨ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।
ਅੰਦਰੂਨੀ ਸੁਰੱਖਿਆ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਕਾਰਵਾਈ
ਪੰਜਾਬ ਪੁਲਿਸ ਨੇ ਅੰਦਰੂਨੀ ਸੁਰੱਖਿਆ ਦੇ ਮੋਰਚੇ ’ਤੇ ਵੀ ਕਈ ਅਹਿਮ ਕਾਰਵਾਈਆਂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ, 86 ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਕਈ ਦੇ ਵਿਦੇਸ਼ੀ ਸਬੰਧ ਹੋਣ ਦੀ ਗੱਲ ਵੀ ਕਹੀ ਗਈ ਹੈ। ਇਨ੍ਹਾਂ ਮਾਮਲਿਆਂ ਵਿੱਚ 660 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦੌਰਾਨ 38 ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ, 131 ਹੈਂਡ ਗ੍ਰਨੇਡ, 28 ਕਿਲੋਗ੍ਰਾਮ ਆਰਡੀਐਕਸ ਅਤੇ ਛੇ ਰਾਕੇਟ ਲਾਂਚਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਬੀਐੱਸਐੱਫ਼ ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਾਰਕੋ-ਟੈਰਰਿਜ਼ਮ ਅਤੇ ਸਟੇਟ-ਸਪਾਂਸਰਡ ਅੱਤਵਾਦੀ ਗਤੀਵਿਧੀਆਂ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਅਪਣਾਈ ਜਾ ਰਹੀ ਹੈ।