Punjab Roadways Strike News: ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਦਰਅਸਲ ਪੂਰੇ ਸੂਬੇ 'ਚ ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ। ਇਸ ਕਾਰਨ ਰੋਜ਼ਾਨਾ ਬੱਸਾਂ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨਾਲ ਮੀਟਿੰਗ ਬੇਸਿੱਟਾ ਰਹੀ।
ਇਸ ਤੋਂ ਬਾਅਦ ਪੰਜਾਬ ਰੋਡਵੇਜ਼/ਪਨਬੱਸ, ਪੀਆਰਟੀਸੀ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਲਈ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦੌਰਾਨ ਮੰਗਾਂ ਮੰਨਣ ਦੇ ਭਰੋਸੇ ਦਿੱਤੇ ਜਾ ਰਹੇ ਹਨ ਪਰ ਅਜੇ ਤੱਕ ਇਨ੍ਹਾਂ ਨੂੰ ਲਾਗੂ ਕਰਨ ਸਬੰਧੀ ਕੋਈ ਠੋਸ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ।
ਇਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜੱਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਸਬੰਧੀ ਲਿਖ਼ਤੀ ਨੋਟੀਫਿਕੇਸ਼ਨ ਜਾਰੀ ਕਰਕੇ ਉਨ੍ਹਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਨਹੀਂ ਕਰਦੀ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।
ਪੰਜਾਬ ਰੋਡਵੇਜ਼/ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਹ ਜਾਣਕਾਰੀ ਦਿੱਤੀ। ਜੱਥੇਬੰਦੀ ਵੱਲੋਂ ਮੀਟਿੰਗ 'ਚ ਸਰਕਾਰ ਦੇ ਨੁਮਾਇੰਦਿਆਂ ਸਾਹਮਣੇ ਆਪਣੀਆਂ ਮੰਗਾਂ ਸਪੱਸ਼ਟ ਤੌਰ ’ਤੇ ਰੱਖੀਆਂ ਗਈਆਂ ਅਤੇ ਪਹਿਲਾਂ ਕੀਤੇ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਠੇਕਾ ਪ੍ਰਣਾਲੀ ਅਧੀਨ ਲਿਆਉਣ ਦੀ ਮੰਗ ਬਾਰੇ ਵੀ ਇਸੇ ਤਰ੍ਹਾਂ ਦਾ ਸਪੱਸ਼ਟੀਕਰਨ ਦਿੱਤਾ ਗਿਆ ਸੀ, ਉਨ੍ਹਾਂ ਕਿਹਾ ਕਿ ਪ੍ਰਸੋਨਲ ਵਿਭਾਗ ਤੋਂ ਸਬੰਧਤ ਡੇਟਾ ਅਜੇ ਪ੍ਰਾਪਤ ਨਹੀਂ ਹੋਇਆ ਹੈ। ਰੇਸ਼ਮ ਸਿੰਘ ਗਿੱਲ ਅਨੁਸਾਰ ਮੀਟਿੰਗ 'ਚ ਟਰਾਂਸਪੋਰਟ ਮੰਤਰੀ ਦੇ ਨਾਲ ਟਰਾਂਸਪੋਰਟ ਵਿਭਾਗ ਦੇ ਸਕੱਤਰ ਅਤੇ ਸਟੇਟ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਜੱਥੇਬੰਦੀ ਨੇ ਮੰਗ ਕੀਤੀ ਕਿ ਸਰਕਾਰ ਸਿਰਫ਼ ਜ਼ੁਬਾਨੀ ਭਰੋਸੇ ਦੇਣ ਦੀ ਬਜਾਏ ਸਾਰੇ ਫ਼ੈਸਲਿਆਂ ਨੂੰ ਲਿਖ਼ਤੀ ਰੂਪ 'ਚ ਜਾਰੀ ਕਰੇ ਤਾਂ ਜੋ ਮੁਲਾਜ਼ਮਾਂ ਨੂੰ ਆਪਣੀਆਂ ਸੇਵਾਵਾਂ ਤੇ ਭਵਿੱਖ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇ। ਜੱਥੇਬੰਦੀ ਵੱਲੋਂ ਸੰਘਰਸ਼ ਨੂੰ ਅਗਲੇ ਪੜਾਅ ’ਤੇ ਲਿਜਾਂਦਿਆਂ 22 ਅਕਤੂਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸਹਿਯੋਗ ਨਾਲ ਦਿੜ੍ਹਬਾ 'ਚ ਟਰਾਂਸਪੋਰਟ ਮੰਤਰੀ ਦੇ ਹਲਕੇ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।