Sukhbir Singh Badal (ਕੇ ਸੀ ਸੰਜੇ): ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਤਹਿਤ ਅੱਜ ਕੋਟਕਪੂਰਾ ਦੇ ਸੰਗਮ ਪੈਲੇਸ ਵਿਖੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਸ਼ਹਿਰ ਦੇ ਵਪਾਰੀਆਂ ਅਤੇ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ।
ਮੀਟਿੰਗ ਦੌਰਾਨ ਵੱਖ-ਵੱਖ ਵਪਾਰੀ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਟਰੇਡਾਂ ਨਾਲ ਸਬੰਧਤ ਮੁਸ਼ਕਲਾਂ ਅਤੇ ਕਾਰੋਬਾਰ ਦੌਰਾਨ ਆ ਰਹੀਆਂ ਸਮੱਸਿਆਵਾਂ ਤੋਂ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ। ਉਨ੍ਹਾਂ ਵੱਲੋਂ ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸੁਝਾਅ ਵੀ ਦਿੱਤੇ ਗਏ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਸਾਲ 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਦੌਰਾਨ ਵਪਾਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਵਪਾਰੀਆਂ ਨਾਲ ਬਿਹਤਰ ਤਾਲਮੇਲ ਬਣਾ ਕੇ ਰੱਖਿਆ ਜਾਵੇਗਾ।
ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ 'ਤੇ ਪੰਜਾਬ ਦੇ ਜੀਐੱਸਟੀ ਅਧੀਨ ਰਜਿਸਟਰਡ ਵਪਾਰੀਆਂ ਨੂੰ ਸਿਹਤ ਬੀਮਾ, ਜੀਵਨ ਬੀਮਾ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਸੁਰੱਖਿਆ ਲਈ ਬੀਮੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਵਪਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ।
ਸੁਖਬੀਰ ਬਾਦਲ ਨੇ ਪੰਜਾਬ ਵਿੱਚ ਵੱਡੀ ਇੰਡਸਟਰੀ ਲਿਆਉਣ ਦਾ ਦਾਅਵਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਅਤੇ ਠੋਸ ਕਾਨੂੰਨ ਲਾਗੂ ਕਰਨ ਅਤੇ ਪਿਛਲੀਆਂ ਅਕਾਲੀ ਸਰਕਾਰਾਂ ਵਾਂਗ ਲੋਕ ਭਲਾਈ ਸਕੀਮਾਂ ਮੁੜ ਸ਼ੁਰੂ ਕਰਨ ਦੀ ਗੱਲ ਵੀ ਕਹੀ।