557th Parkash Purab News: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਗੁਰਪੁਰਬ ਸਮਾਗਮ ਦੇਰ ਰਾਤ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸੰਪੰਨ ਹੋ ਗਏ।
ਇਸ ਪਾਵਨ ਦਿਹਾੜੇ ਦੀ ਸੰਪੂਰਨਤਾ ਮੌਕੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਦੇਰ ਰਾਤ ਪਰਸੋਂ ਰੋਜ਼ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਦੌਰਾਨ ਹਾਜ਼ਰ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਪਵਿੱਤਰ ਮੌਕੇ ਦੀ ਵਿਸ਼ੇਸ਼ਤਾ ਇਹ ਰਹੀ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਆਗਮਨ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਫੁੱਲਾਂ ਦੀ ਵਰਖਾ ਦੇ ਮਨਮੋਹਕ ਤੇ ਅਲੌਕਿਕ ਦ੍ਰਿਸ਼ ਨੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ। ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਗੁਰਪੁਰਬ ਮਨਾਇਆ ਗਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਨਾਮ ਸਿਮਰਨ, ਕਿਰਤ ਕਰਨ ਅਤੇ ਵੰਡ ਛਕਣ ਦੇ ਫਲਸਫੇ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਲਿਆ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਲਈ ਪੁੱਜੇ। ਉਨ੍ਹਾਂ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ 557ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਉਨ੍ਹਾਂ ਨੇ ਇਸ ਪਾਵਨ ਦਿਹਾੜੇ ਦੀ ਮਹੱਤਤਾ ਨੂੰ ਯਾਦ ਕਰਦਿਆਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਪਹੁੰਚਾਉਣ ਦੀ ਪ੍ਰੇਰਣਾ ਦਿੱਤੀ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਉਹ ਇਤਿਹਾਸਕ ਅਤੇ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਬਤੀਤ ਕੀਤਾ ਅਤੇ ਇੱਥੋਂ ਹੀ ਮਨੁੱਖਤਾ ਨੂੰ ਸੱਚ, ਸੇਵਾ, ਸਮਾਨਤਾ ਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।
ਹਰ ਸਾਲ ਪ੍ਰਕਾਸ਼ ਗੁਰਪੁਰਬ ਮੌਕੇ ਇਸ ਪਾਵਨ ਧਰਤੀ ’ਤੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਇਸ ਵਾਰ ਵੀ ਸੰਗਤਾਂ ਦੀ ਭਰਵੀਂ ਸ਼ਮੂਲੀਅਤ, ਗੁਰਬਾਣੀ ਦੇ ਰਸਭਿੰਨੇ ਕੀਰਤਨ, ਸੇਵਾ-ਸਿਮਰਨ ਅਤੇ ਫੁੱਲਾਂ ਦੀ ਵਰਖਾ ਦੇ ਮਨਮੋਹਕ ਦ੍ਰਿਸ਼ਾਂ ਨੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਯਾਦਗਾਰੀ ਬਣਾ ਦਿੱਤਾ। ਇਸ ਤਰ੍ਹਾਂ ਗੁਰੂ ਸਾਹਿਬ ਦੇ ਆਗਮਨ ਪੁਰਬ ਦੀਆਂ ਖੁਸ਼ੀਆਂ ਅਤੇ ਰੂਹਾਨੀ ਉਤਸ਼ਾਹ ਦਰਮਿਆਨ ਗੁਰਪੁਰਬ ਸਮਾਗਮ ਸੰਪੰਨ ਹੋ ਗਏ।
ਇਹ ਵੀ ਪੜ੍ਹੋ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਤੇ ਸੱਚੇ ਜੀਵਨ ਦਾ ਮਾਰਗ