Akali BJP Alliance News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਉਤੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਨੂੰ ਲੈ ਕੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਨੇ ਤੰਜ਼ ਕੱਸਦੇ ਹੋਏ ਇਹ ਪੰਜਾਬ ਬਚਾਉਣ ਦੀ ਨਹੀਂ ਪਰਿਵਾਰ ਨੂੰ ਬਚਾਉਣ ਲਈ ਗਠਜੋੜ ਹੋਇਆ।
ਉਨ੍ਹਾਂ ਨੇ ਕਿਹਾ ਕਿ ਸਾਡਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ। ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ ਅਤੇ ਪੂਰਾ ਦੇਸ਼ ਦੁਨੀਆ ਨੇ ਉਸਦਾ ਵਿਰੋਧ ਕੀਤਾ ਤਾਂ ਇਨ੍ਹਾਂ ਨੇ ਕਿਹਾ ਭਾਜਪਾ ਕਿਸਾਨ ਵਿਰੋਧੀ ਹੈ ਤੇ ਦੋਵੇਂ ਅਲੱਗ ਹੋ ਗਏ ਸਨ। ਉਨ੍ਹਾਂ ਨੇ ਸਵਾਲ ਖੜ੍ਹੇ ਕੀਤੇ ਕਿ ਅਕਾਲੀ ਦਲ ਕਹਿੰਦਾ ਸੀ ਭਾਜਪਾ ਆਰਐਸਸ ਦੀ ਮਦਦ ਨਾਲ ਸਿੱਖ ਸੰਸਥਾਵਾਂ ਦੀ ਮਦਦ ਨਾਲ ਕਬਜ਼ਾ ਕਰ ਰਹੀ ਹੈ। ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਅਕਾਲੀ ਦਲ ਦੇ ਆਗੂ ਹੁਣ ਕਿਸ ਮੂੰਹ ਨਾਲ ਭਾਜਪਾ ਨਾਲ ਗਠਜੋੜ ਕਰਨ ਜਾ ਰਹੇ ਹਨ? ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕ ਪਿਛਲੀਆਂ ਘਟਨਾਵਾਂ ਨੂੰ ਭੁੱਲ ਗਏ ਹਨ?
ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ ਹੋਇਆ ਸੀ। ਇਸ ਤੋਂ ਇਲਾਵਾ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵੀ ਦੋਵਾਂ ਪਾਰਟੀਆਂ ਦਾ ਰਵੱਈਆ ਲੋਕਾਂ ਨੇ ਦੇਖਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਸੂਬੇ ਦਾ ਹੱਕ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਅਕਾਲੀ ਦਲ ’ਤੇ ਤਨਜ਼ ਕੱਸਦਿਆਂ ਸੀਐੱਮ ਮਾਨ ਨੇ ਕਿਹਾ, “ਥੋੜ੍ਹਾ-ਬਹੁਤ ਲੋਕਾਂ ਸਾਹਮਣੇ ਮੂੰਹ ਦਿਖਾਉਣ ਜੋਗਾ ਤਾਂ ਰੱਖ ਲਓ।” ਉਨ੍ਹਾਂ ਨੇ ਕਿਹਾ ਕਿ ਇਹ ਕੁਰਸੀ ਲਈ ਗਠਜੋੜ ਹੋਇਆ ਪੰਜਾਬ ਲਈ ਨਹੀਂ।
ਉਨ੍ਹਾਂ ਨੇ ਅੱਗੇ ਕਿਹਾ ਜੋ 2000 ਤੋਂ 2022 ਤਕ 22 ਸਾਲ ਇਕੱਠੇ ਰਹੇ ਅਤੇ ਕੁਝ ਨਹੀਂ ਕੀਤਾ ਉਹ ਹੁਣ ਕੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਬੀਜੇਪੀ ਨੇ ਹਮੇਸ਼ਾ ਲੋਕਾਂ ਨੂੰ ਮੂਰਖ ਬਣਾਉਣ ਦਾ ਕੰਮ ਕੀਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ਨੂੰ ਲੈ ਕੇ ਬਿਆਨਬਾਜ਼ੀ ਹੋਰ ਤੇਜ਼ ਹੋ ਗਈ ਹੈ।