PRTC Bus Accident Sangrur News: ਸੰਗਰੂਰ ਤੋਂ ਸਵੇਰੇ ਸਵਾਰੀਆਂ ਲੈ ਕੇ ਰਵਾਨਾ ਹੋਈ ਪੀਆਰਟੀਸੀ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਪੀਆਰਟੀਸੀ ਬੱਸ ਜੋ ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ ਸੀ ਪਹਿਲਾਂ ਇੱਕ ਪੁੱਲ ਨਾਲ ਟਕਰਾ ਗਈ ਫਿਰ ਖਤਾਨਾਂ ਵਿੱਚ ਡਿੱਗ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਤਿੰਨ ਸਵਾਰੀਆਂ ਦੀ ਮੌਤ ਹੋ ਗਈ, ਜਦਕਿ 26 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਬੱਸ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਸੰਭਾਵਿਤ ਕਾਰਨ ਦੱਸਿਆ ਜਾ ਰਿਹਾ ਹੈ, ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਫਿਲਹਾਲ ਇਸ ਦਰਦਨਾਕ ਹਾਦਸੇ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਇਸ ਦੇ ਵਿੱਚ ਦੋ ਔਰਤਾਂ ਧੂਰੀ ਦੀਆਂ ਸੀ ਤੇ ਇੱਕ ਵਿਅਕਤੀ ਥਲੇਸਾ ਪਿੰਡ ਦਾ ਹੈ। ਦਸ ਜ਼ਖਮੀਆਂ ਨੂੰ ਰਜਿੰਦਰਾ ਪਟਿਆਲਾ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਹੈ ਅਤੇ 16 ਸਵਾਰੀਆਂ ਦਾ ਇਲਾਜ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਵਿੱਚ ਚੱਲ ਰਿਹਾ ਹੈ।
ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਪੀਆਰਟੀਸੀ ਦੀ ਸੀ, ਜਿਸ ਵਿੱਚ ਸਵੇਰ ਸਮੇਂ ਕਾਫ਼ੀ ਗਿਣਤੀ ਵਿੱਚ ਯਾਤਰੀ ਸਵਾਰ ਸਨ। ਉਨ੍ਹਾਂ ਮੁਤਾਬਕ ਮੌਸਮ ਸਾਫ਼ ਸੀ। ਮੁੱਢਲੀ ਜਾਂਚ ਅਤੇ ਚਸ਼ਮਦੀਦਾਂ ਦੇ ਬਿਆਨਾਂ ਅਨੁਸਾਰ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜੇ ਪਾਸੇ, ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਤਿੰਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਲਾਸ਼ਾਂ ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ 10 ਮਰੀਜ਼ਾਂ ਨੂੰ ਬਿਹਤਰ ਇਲਾਜ ਲਈ 108 ਐਂਬੂਲੈਂਸਾਂ ਰਾਹੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕੀਤਾ ਗਿਆ ਹੈ।
ਡੀਐਸਪੀ ਸੰਗਰੂਰ ਨੇ ਕਿਹਾ ਕਿ ਡਰਾਈਵਰ ਦੇ ਉੱਤੇ 304 ਧਾਰਾ ਦੇ ਤਹਿਤ ਡਰਾਈਵਰ ਦੇ ਉੱਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਜਿਸ ਵਿੱਚ ਇੱਕ ਸਵਾਰੀ ਦੇ ਬਿਆਨ ਦੇ ਉੱਤੇ ਇਹ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵਿੱਚ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ 26 ਦੇ ਕਰੀਬ ਸਵਾਰੀਆਂ ਜ਼ਖਮੀਆਂ ਹੋਈਆਂ ਸੀ ਜਿਸ ਦੇ ਵਿੱਚ ਤਿੰਨ ਦੀ ਮੌਤ ਹੋ ਗਈ ਹੈ।