AAP Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡੇ ਧਮਾਕੇ ਹੋ ਰਹੇ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਨਸ਼ਰ ਕੀਤੇ ਜਾਣ ਮਗਰੋਂ ਵੱਡੀ ਹਲਚਲ ਨਜ਼ਰ ਆ ਰਹੀ ਹੈ। ਜਿਥੇ ਬੀਤੇ ਦਿਨ ਦੋ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਅਸਤੀਫਾ ਦੇ ਦਿੱਤਾ ਸੀ ਉਥੇ ਹੀ ਅੱਜ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਾਰਟੀ ਅਤੇ ਵਿਧਾਇਕੀ ਦੋਵਾਂ ਤੋਂ ਅਸਤੀਫਾ ਦੇ ਦਿੱਤਾ ਹੈ। ਸਿਆਸੀ ਮਾਹਿਰ ਇਨ੍ਹਾਂ ਅਸਤੀਫਿਆਂ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਦੱਸ ਰਹੇ ਹਨ।
ਇਸ ਦਰਮਿਆਨ ਸੋਮਵਾਰ ਨੂੰ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ।
ਦਿੱਲੀ ਵਿੱਚ ਸਮਾਗਮ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ। ਇਸ ਸਮੇਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਇਨ੍ਹਾਂ ਨੇ ਤਿੰਨੋਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਤੋਂ ਪਹਿਲਾਂ ਹਰਮੀਤ ਸਿੰਘ ਪਠਾਣਮਾਜਰਾ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਸੀ। ਦੋਵਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ 'ਤੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਦਿੱਲੀ ਤੋਂ ਪੰਜਾਬ ਦੀ ਸਿਆਸਤ ਚਲਾਉਣ ਦੇ ਦੋਸ਼ ਲਗਾਏ ਸਨ। ਇਸ ਦੇ ਨਾਲ ਹੀ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਬੰਧੀ ਅਧਿਕਾਰਤ ਖਬਰ ਸਾਹਮਣੇ ਨਹੀਂ ਆਈ ਹੈ।
ਇਨ੍ਹਾਂ ਅਸਤੀਫ਼ਿਆਂ ਦਾ ਸਮਾਂ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ 31 ਅਕਤੂਬਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਹਾਲਾਂਕਿ ਸਮਾਣਾ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਲਈ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਨ੍ਹਾਂ ਦੋਵਾਂ ਹਲਕਿਆਂ ਵਿੱਚ ਨਵੇਂ ਇੰਚਾਰਜ ਨਿਯੁਕਤ ਕੀਤੇ ਜਾਣ ਕਾਰਨ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ।
ਸਮਾਣਾ ਹਲਕੇ ਵਿੱਚ ਸੁਰਜੀਤ ਸਿੰਘ ਰੱਖੜਾ ਅਤੇ ਸਨੌਰ ਵਿੱਚ ਰਣਜੋਧ ਹਡਾਣਾ ਨੂੰ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਕਾਰਨ ਮੌਜੂਦਾ ਵਿਧਾਇਕਾਂ ਵਿੱਚ ਨਾਰਾਜ਼ਗੀ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਸਨ। ਹੁਣ ਪਹਿਲੀ ਉਮੀਦਵਾਰ ਸੂਚੀ ਤੋਂ ਬਾਅਦ ਪਾਰਟੀ ਦੇ ਅੰਦਰ ਉੱਠੇ ਵਿਰੋਧ ਅਤੇ ਲਗਾਤਾਰ ਹੋ ਰਹੇ ਅਸਤੀਫ਼ਿਆਂ ਨੇ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।