ਨਾਭਾ ਦੇ ਵਿਧਾਇਕ ਦੇਵ ਮਾਨ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ; ਦਿੱਤੀ ਸਫ਼ਾਈ
MLA Dev Mann Viral Video: ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਇੱਕ ਪਰਵਾਸੀ ਨੌਜਵਾਨ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ।
MLA Dev Mann Viral Video: ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਇੱਕ ਪਰਵਾਸੀ ਨੌਜਵਾਨ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਵਿਧਾਇਕ ਵੱਲੋਂ ਨੌਜਵਾਨ ਨੂੰ ਥੱਪੜ ਮਾਰਦੇ ਹੋਏ ਦੇਖਿਆ ਜਾ ਸਕਦਾ ਹੈ।
ਇਸ ਵੀਡੀਓ ਨੂੰ ਲੈ ਕੇ ਸਿਆਸੀ ਚਰਚਾ ਵੀ ਸ਼ੁਰੂ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਨੌਜਵਾਨ ਦਾ ਮੋਟਰਸਾਈਕਲ ਵਿਧਾਇਕ ਦੀ ਗੱਡੀ ਦੇ ਨੇੜੇ ਆ ਗਿਆ ਅਤੇ ਟੱਕਰ ਹੋਣ ਦੀ ਸਥਿਤੀ ਬਣ ਗਈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਗੱਡੀ ਨੂੰ ਸਮੇਂ ਸਿਰ ਕਾਬੂ ਨਾ ਕੀਤਾ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਵਿਧਾਇਕ ਦੇ ਦਾਅਵੇ ਅਨੁਸਾਰ ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਗੱਡੀ ਨਾਲ ਨੌਜਵਾਨ ਦਾ ਪਿੱਛਾ ਕੀਤਾ ਅਤੇ ਅੱਗੇ ਜਾ ਕੇ ਉਸ ਨੂੰ ਰੋਕਿਆ।
ਵਿਧਾਇਕ ਵੱਲੋਂ ਦਾਅਵਾ ਕੀਤਾ ਗਿਆ ਕਿ ਨੌਜਵਾਨ ਬਿਨਾਂ ਨੰਬਰ ਪਲੇਟ ਤੇ ਬਿਨਾਂ ਡਰਾਈਵਿੰਗ ਲਾਇਸੈਂਸ ਤੋਂ ਮੋਟਰਸਾਈਕਲ ਚਲਾ ਰਿਹਾ ਸੀ। ਮੌਕੇ ’ਤੇ ਵਿਧਾਇਕ ਵੱਲੋਂ ਗੁੱਸੇ ਵਿੱਚ ਨੌਜਵਾਨ ਨੂੰ ਥੱਪੜ ਮਾਰਨ ਦੀ ਗੱਲ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਅਤੇ ਉਸ ਦੀ ਮਾਤਾ ਨੇ ਵੀ ਆਪਣੀ ਗਲਤੀ ਮੰਨੀ ਅਤੇ ਕਿਹਾ ਕਿ ਗਲਤੀ ਉਨ੍ਹਾਂ ਦੇ ਬੱਚੇ ਦੀ ਸੀ।
ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਚਰਚਾ
ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਵਿਧਾਇਕ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵੀਡੀਓ ਵਿੱਚ ਨੌਜਵਾਨ ਨੂੰ ਥੱਪੜ ਮਾਰਨ ਵਾਲੇ ਹਿੱਸੇ ਨੂੰ ਲੈ ਕੇ ਸਵਾਲ ਉੱਠ ਰਹੇ ਹਨ।
ਵਿਧਾਇਕ ਦੇਵ ਮਾਨ ਨੇ ਰੱਖਿਆ ਆਪਣਾ ਪੱਖ
ਵਿਧਾਇਕ ਦੇਵ ਮਾਨ ਨੇ ਇਸ ਮਾਮਲੇ ’ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਘਟਨਾ ਨੂੰ ਜਾਣਬੁੱਝ ਕੇ ਉਛਾਲਿਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ, ਨੌਜਵਾਨ ਦੀ ਮੋਟਰਸਾਈਕਲ ਕਾਰਨ ਹਾਦਸੇ ਦੀ ਸਥਿਤੀ ਬਣੀ ਸੀ ਅਤੇ ਉਸ ਨੂੰ ਰੋਕਣ ਲਈ ਉਨ੍ਹਾਂ ਦੀ ਗੱਡੀ ਪਿੱਛੇ ਲਗਾਈ ਗਈ ਸੀ। ਵਿਧਾਇਕ ਨੇ ਇਹ ਵੀ ਕਿਹਾ ਕਿ ਨੌਜਵਾਨ ਦੀ ਹਾਲਤ ਅਤੇ ਉਸ ਦੇ ਵਿਹਾਰ ਨੂੰ ਦੇਖ ਕੇ ਉਨ੍ਹਾਂ ਨੂੰ ਸ਼ੱਕ ਹੋਇਆ ਸੀ ਕਿ ਉਹ ਨਸ਼ੇ ਦੇ ਪ੍ਰਭਾਵ ਹੇਠ ਹੋ ਸਕਦਾ ਹੈ।
ਉਨ੍ਹਾਂ ਨੇ ਨੌਜਵਾਨ ਦੇ ਉੱਤਰ ਪ੍ਰਦੇਸ਼ ਜਾਂ ਬਿਹਾਰ ਨਾਲ ਸਬੰਧਤ ਹੋਣ ਦੀ ਗੱਲ ਵੀ ਕਹੀ। ਹਾਲਾਂਕਿ ਨੌਜਵਾਨ ਦੇ ਨਸ਼ੇ ਦੇ ਪ੍ਰਭਾਵ ਹੇਠ ਹੋਣ ਸਬੰਧੀ ਕੋਈ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਇਸੇ ਤਰ੍ਹਾਂ ਬਿਨਾਂ ਲਾਇਸੈਂਸ ਅਤੇ ਬਿਨਾਂ ਨੰਬਰ ਪਲੇਟ ਮੋਟਰਸਾਈਕਲ ਚਲਾਉਣ ਦੇ ਦਾਅਵਿਆਂ ਦੀ ਵੀ ਸੁਤੰਤਰ ਪੁਸ਼ਟੀ ਹੋਣੀ ਬਾਕੀ ਹੈ। ਇਸ ਘਟਨਾ ਨੇ ਇੱਕ ਪਾਸੇ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਦਾ ਮੁੱਦਾ ਉਭਾਰਿਆ ਹੈ, ਉੱਥੇ ਹੀ ਦੂਜੇ ਪਾਸੇ ਕਿਸੇ ਵਿਅਕਤੀ ਵੱਲੋਂ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੇ ਸਵਾਲ ’ਤੇ ਵੀ ਚਰਚਾ ਛੇੜ ਦਿੱਤੀ।