ਝੋਨੇ ’ਤੇ ਕੱਟ ਲਗਾਏ ਤਾਂ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ: ਸਰਵਨ ਸਿੰਘ ਬਾਊਪੁਰ
Kapurthala News: ਝੋਨੇ ਦੀ ਖਰੀਦ ਦੌਰਾਨ ਜੇਕਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ’ਤੇ ਕਿਸੇ ਵੀ ਤਰ੍ਹਾਂ ਦੇ ਗੈਰ-ਵਾਜਬ ਕੱਟ ਲਗਾਏ ਗਏ ਤਾਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Kapurthala News: ਝੋਨੇ ਦੀ ਖਰੀਦ ਦੌਰਾਨ ਜੇਕਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ’ਤੇ ਕਿਸੇ ਵੀ ਤਰ੍ਹਾਂ ਦੇ ਗੈਰ-ਵਾਜਬ ਕੱਟ ਲਗਾਏ ਗਏ ਤਾਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਦੀ ਮਿਹਨਤ ਦੀ ਕਮਾਈ ’ਤੇ ਡਾਕਾ ਮਾਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਸਖ਼ਤ ਚੇਤਾਵਨੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਨੇ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਲੁੱਟ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੋਵੇਗੀ ਅਤੇ ਜੇਕਰ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਮੈਦਾਨ ਵਿੱਚ ਉਤਰੇਗੀ।
ਸਰਵਨ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨ ਦਿਨ-ਰਾਤ ਸਖ਼ਤ ਮਿਹਨਤ ਕਰਕੇ ਆਪਣੀ ਫ਼ਸਲ ਤਿਆਰ ਕਰਦੇ ਹਨ। ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਖੇਤੀਬਾੜੀ ਦੇ ਵਧਦੇ ਖਰਚਿਆਂ ਦੇ ਬਾਵਜੂਦ ਕਿਸਾਨ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਪਰ ਜੇਕਰ ਝੋਨੇ ਦੀ ਖਰੀਦ ਸਮੇਂ ਉਨ੍ਹਾਂ ਦੀ ਫ਼ਸਲ ’ਤੇ ਗੈਰ-ਵਾਜਬ ਕੱਟ ਲਗਾ ਕੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਪਹੁੰਚਾਇਆ ਜਾਂਦਾ ਹੈ ਤਾਂ ਇਹ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੋਵੇਗੀ।
ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਨਿਰਧਾਰਤ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਹੈ। ਕਿਸੇ ਵੀ ਕਿਸਾਨ ਨੂੰ ਬੇਵਜ੍ਹਾ ਪਰੇਸ਼ਾਨ ਕਰਨਾ ਜਾਂ ਉਸ ਦੀ ਫ਼ਸਲ ਦੀ ਬਣਦੀ ਕੀਮਤ ਵਿੱਚ ਕਟੌਤੀ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕਿਸੇ ਫ਼ਸਲ ਸਬੰਧੀ ਨਿਰਧਾਰਤ ਮਾਪਦੰਡਾਂ ਦਾ ਮਸਲਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਹੱਲ ਕੀਤਾ ਜਾਵੇ, ਪਰ ਕਿਸਾਨਾਂ ਦੇ ਹੱਕਾਂ ਨਾਲ ਖਿਲਵਾੜ ਨਹੀਂ ਹੋਣਾ ਚਾਹੀਦਾ।
ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨੂੰ ਵੀ ਸਖ਼ਤ ਸੁਨੇਹਾ
ਕਿਸਾਨ ਆਗੂ ਨੇ ਸੈਲਰ ਮਾਲਕਾਂ ਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦੇ ਗੈਰ-ਵਾਜਬ ਕੱਟ ਨਾ ਲਗਾਏ ਜਾਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਬਣਦਾ ਮੁੱਲ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਮੰਡੀਆਂ ਵਿੱਚ ਅਜਿਹੀ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪਵੇ।
ਪ੍ਰਸ਼ਾਸਨ ਪਹਿਲਾਂ ਹੀ ਸੁਚੇਤ ਹੋਵੇ, ਨਹੀਂ ਤਾਂ ਹੋਵੇਗਾ ਤਿੱਖਾ ਸੰਘਰਸ਼
ਸਰਵਨ ਸਿੰਘ ਬਾਊਪੁਰ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਦਾਣਾ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ’ਤੇ ਨਿਗਰਾਨੀ ਰੱਖੀ ਜਾਵੇ ਅਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ’ਤੇ ਗੈਰ-ਵਾਜਬ ਕੱਟ ਲਗਾਉਣ ਜਾਂ ਕਿਸਾਨਾਂ ਦੀ ਲੁੱਟ ਕਰਨ ਦੀ ਕੋਈ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਕਿਸਾਨਾਂ ਦੀ ਲੁੱਟ ਬੰਦ ਹੋਣੀ ਚਾਹੀਦੀ ਹੈ ਅਤੇ ਜੇਕਰ ਕੱਟ ਲਗਾਏ ਗਏ ਤਾਂ ਜਥੇਬੰਦੀ ਚੁੱਪ ਨਹੀਂ ਬੈਠੇਗੀ। ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਲੋੜ ਪੈਣ ’ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਤ ਜ਼ਿੰਮੇਵਾਰ ਧਿਰਾਂ ਦੀ ਹੋਵੇਗੀ।