Ajnala News: ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਲਗਾਤਾਰ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਪਿੰਡ ਸੁਲਤਾਨ ਮਾਹਲ ਤੋਂ ਸਾਹਮਣੇ ਆਇਆ ਹੈ, ਜਿੱਥੇ ਮਹਿਜ਼ 17 ਸਾਲ ਦੇ ਇੱਕ ਨੌਜਵਾਨ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਨੌਜਵਾਨ ਦੀ ਮੌਤ ਟੀਕਾ ਲਗਾਉਣ ਤੋਂ ਬਾਅਦ ਓਵਰਡੋਜ਼ ਕਾਰਨ ਹੋਈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਉੱਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਪਿੰਡ ਵਿੱਚ ਇਕੱਠੇ ਹੋਏ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਤਸਵੀਰਾਂ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਪਿੰਡ ਸੁਲਤਾਨ ਮਾਹਲ ਦੀਆਂ ਹਨ, ਜਿੱਥੇ ਇੱਕ ਨੌਜਵਾਨ ਦੀ ਮੌਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਉਮਰ ਮਹਿਜ਼ 16 ਤੋਂ 17 ਸਾਲ ਦੇ ਕਰੀਬ ਸੀ। ਪਰਿਵਾਰ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਗਾਉਣ ਕਾਰਨ ਓਵਰਡੋਜ਼ ਹੋਈ, ਜਿਸ ਕਾਰਨ ਨੌਜਵਾਨ ਦੀ ਜਾਨ ਚਲੀ ਗਈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਘਟਨਾ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਪਿੰਡ ਵਿੱਚ ਇਕੱਠੇ ਹੋਏ। ਉਨ੍ਹਾਂ ਨੇ ਪੰਜਾਬ ਵਿੱਚ ਨੌਜਵਾਨਾਂ ਤੱਕ ਨਸ਼ਿਆਂ ਦੀ ਪਹੁੰਚ ਅਤੇ ਨਸ਼ਿਆਂ ਕਾਰਨ ਹੋ ਰਹੇ ਨੁਕਸਾਨ ਨੂੰ ਲੈ ਕੇ ਚਿੰਤਾ ਪ੍ਰਗਟਾਈ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾਂਦੇ ਹਨ।