Faridkot Murder News: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਿਲਾ ਨੌ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਬੀਤੀ ਦੇਰ ਸ਼ਾਮ ਪਿੰਡ ਦੇ ਹੀ ਇੱਕ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਯਾਦੂ ਵਾਂਦਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਦੇਰ ਰਾਤ ਕਰੀਬ 12 ਵਜੇ ਮੈਡੀਕਲ ਫਰੀਦਕੋਟ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਦੱਸਿਆ ਜਾ ਰਿਹਾ ਹੈਂ ਕੀ ਦੋਵਾਂ ਨੌਜਵਾਨਾਂ ਵਿਚਕਾਰ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ, ਜਿਸ ਤੋਂ ਬਾਅਦ ਮਾਮਲਾ ਇੰਨਾ ਵਧ ਗਿਆ ਕਿ ਯਾਦਵਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਮੈਡੀਕਲ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।
ਰਿਸ਼ਤੇਦਾਰਾਂ ਅਨੁਸਾਰ ਦੇਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਵਿਚਕਾਰ ਮਾਮੂਲੀ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ ਪਰ ਇਸ ਦੌਰਾਨ ਯਾਦਵਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਯਾਦਵਿੰਦਰ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਛੱਡ ਗਿਆ ਹੈ।
ਇਸ ਘਟਨਾ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਧਰ ਪਿੰਡ ਦੇ ਸਰਪੰਚ ਕੰਵਲਜੀਤ ਸਿੰਘ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਯਾਦੂ ਵਾਂਦਰ ਉਨ੍ਹਾਂ ਦਾ ਰਿਸ਼ਤੇਦਾਰ ਸੀ। ਉਨ੍ਹਾਂ ਕਿਹਾ ਕਿ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸਰਪੰਚ ਨੇ ਇਸ ਘਟਨਾ ਨੂੰ ਪਿੰਡ ਲਈ ਬੇਹੱਦ ਮੰਦਭਾਗਾ ਦੱਸਿਆ। ਐੱਸਪੀ ਮੁਨੀਸ਼ ਕੁਮਾਰ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਥਾਣਾ ਸਦਰ ਫਰੀਦਕੋਟ ਦੋਸ਼ੀ ਸੁਖਚੈਨ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀ ਫਰਾਰ ਹੈਂ ਜਲਦ ਤੋਂ ਜਲਦ ਗ੍ਰਿਫਤਾਰ ਕਰਾਂਗੇ, ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।