Chandigarh News : ਕੇਂਦਰੀ ਰਾਜ ਮੰਤਰੀ ਅਤੇ ਰਿਪਬਲਿਕਨ ਪਾਰਟੀ ਆਫ ਇੰਡੀਆ (RPI) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਅੱਜ ਚੰਡੀਗੜ੍ਹ ਦੌਰੇ ’ਤੇ ਰਹੇ। ਇਸ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਠਜੋੜ ਬਾਰੇ ਵੀ ਆਪਣੀ ਰਣਨੀਤੀ ਸਪੱਸ਼ਟ ਕੀਤੀ।
ਰਾਮਦਾਸ ਅਠਾਵਲੇ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਹੁੰਦਾ ਹੈ ਤਾਂ ਇਸ ਨਾਲ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰਿਪਬਲਿਕਨ ਪਾਰਟੀ ਆਫ ਇੰਡੀਆ ਵੀ ਇਸ ਗਠਜੋੜ ਦਾ ਹਿੱਸਾ ਬਣਨਾ ਚਾਹੇਗੀ ਅਤੇ ਗਠਜੋੜ ਦੇ ਤਹਿਤ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ।
ਉਨ੍ਹਾਂ ਸੰਕੇਤ ਦਿੱਤਾ ਕਿ ਗਠਜੋੜ ਦਾ ਹਿੱਸਾ ਬਣਨ ਦੀ ਸੂਰਤ ਵਿੱਚ ਉਨ੍ਹਾਂ ਦੀ ਪਾਰਟੀ ਕੁਝ ਸੀਟਾਂ ਦੀ ਮੰਗ ਵੀ ਕਰ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਨਹੀਂ ਹੁੰਦਾ ਤਾਂ ਰਿਪਬਲਿਕਨ ਪਾਰਟੀ ਆਪਣੇ ਪੱਧਰ ’ਤੇ ਪੰਜਾਬ ਦੀਆਂ ਚੋਣਾਂ ਲੜੇਗੀ। ਇਸ ਦੇ ਨਾਲ ਹੀ ਕੁਝ ਅਜਿਹੀਆਂ ਸੀਟਾਂ ’ਤੇ ਭਾਜਪਾ ਨੂੰ ਸਮਰਥਨ ਦੇਣ ਦੀ ਸੰਭਾਵਨਾ ਵੀ ਜਤਾਈ, ਜਿੱਥੇ ਉਨ੍ਹਾਂ ਦੀ ਪਾਰਟੀ ਦਾ ਆਪਣਾ ਪ੍ਰਭਾਵ ਹੈ।
ਇਸ ਦੌਰਾਨ ਰਾਮਦਾਸ ਅਠਾਵਲੇ ਨੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਬੇਹੱਦ ਦੁਖਦਾਈ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਤੱਕ ਸੀਮਤ ਨਹੀਂ ਰਹੇਗੀ, ਸਗੋਂ ਹੋਰ ਰਾਜਾਂ ਵਿੱਚ ਵੀ ਵਿਧਾਨ ਸਭਾ ਚੋਣਾਂ ਲੜੇਗੀ। ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਮਨੀਪੁਰ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਉਮੀਦਵਾਰ ਖੜ੍ਹੇ ਕਰੇਗੀ।
ਪਾਰਟੀ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਰਾਜਾਂ ਵਿੱਚ ਚੋਣ ਭਾਗੀਦਾਰੀ ਵਧਾਉਣ ਲਈ ਕੰਮ ਕਰ ਰਹੀ ਹੈ। ਅਠਾਵਲੇ ਦੇ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਐਨਡੀਏ ਦੇ ਅੰਦਰ ਆਪਣੀ ਰਾਜਨੀਤਿਕ ਭੂਮਿਕਾ ਨੂੰ ਵਧਾਉਣ ਦੀ ਰਣਨੀਤੀ 'ਤੇ ਕੰਮ ਕਰ ਰਹੀ ਹੈ।